ਸਿੱਖਿਆ ਮੰਤਰੀ ਸੋਨੀ ਨੇ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ
Friday, Feb 22, 2019 - 04:11 PM (IST)
ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ) : ਐਸੋਸੀਏਟਿਡ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਅਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਇਨ੍ਹਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤਕ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਵਧਾ ਕੇ 31 ਮਾਰਚ 2020 ਤਕ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਬੱਚਿਆਂ ਅਤੇ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇਗਾ। ਜ਼ਿਕਰਯੋਗ ਹੈ ਕਿ ਇਸ ਬਾਰੇ ਪੰਜਾਬ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਮਿਲ ਕੇ ਅਪੀਲ ਕੀਤੀ ਸੀ ਕਿ 4 ਲੱਖ ਵਿਦਿਆਰਥੀਆਂ ਅਤੇ 50 ਹਜ਼ਾਰ ਅਧਿਆਪਕ ਐਸੋਸੀਏਟਿਡ ਸਕੂਲਾਂ ਨਾਲ ਜੁੜੇ ਹੋਏ ਹਨ, ਇਸ ਲਈ ਇਨ੍ਹਾਂ ਸਕੂਲਾਂ ਨੂੰ ਮਾਨਤਾ ਦੇ ਮਾਪਦੰਡ ਪੂਰੇ ਕਰਨ ਲਈ ਘੱਟੋ-ਘੱਟ ਇਕ ਸਾਲ ਦਾ ਸਮਾਂ ਹੋਰ ਦਿੱਤਾ ਜਾਵੇ। ਪੰਜਾਬ ਸਰਕਾਰ ਨੇ ਉਨ੍ਹ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦਿਆਂ ਇਕ ਸਾਲ ਦਾ ਸਮਾਂ ਹੋਰ ਦੇ ਦਿੱਤਾ ਹੈ।
ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਿੱਖਿਆ ਪੱਧਰ ਦੇਣ ਲਈ ਸਿੱਖਿਆ ਵਿਭਾਗ ਨੇ 3 ਵੱਡੇ ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹ੍ਹਾਂ ਸਮਾਰਟ ਸਿਟੀਜ਼ 'ਚ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕਰਦਿਆਂ ਬਿਹਤਰ ਮੁੱਢਲਾ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਇਸ ਮਕਸਦ ਲਈ ਸਰਕਾਰ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ 20 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ। ਇਨ੍ਹ੍ਹਾਂ ਸਰਕਾਰੀ ਸਕੂਲਾਂ 'ਚ ਲੈਪਟਾਪ, ਮਲਟੀਮੀਡੀਆ, ਪ੍ਰਾਜੈਕਟਰ ਅਤੇ ਹਾਈ ਸਪੀਡ ਇੰਟਰਨੈੱਟ ਦੀ ਸਹੂਲਤ ਦਿੱਤੀ ਜਾਵੇਗੀ। ਸੂਬੇ 'ਚ ਸਰਕਾਰ ਨੇ ਹਰੇਕ ਹਲਕੇ 'ਚ 10-10 ਮਾਡਲ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਗਲੇ ਦੋ ਸਾਲਾਂ 'ਚ ਸਰਕਾਰੀ ਸਕੂਲਾਂ ਦੀ ਗਿਣਤੀ ਬਿਹਤਰ ਸਕੂਲਾਂ 'ਚ ਹੋਵੇਗੀ ਅਤੇ ਉਹ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇਣ 'ਚ ਸਫਲ ਹੋਣਗੇ।