85 ਫੀਸਦੀ ਪ੍ਰਦੂਸ਼ਣ ਦਿੱਲੀ ਦਾ, ਪੰਜਾਬ 'ਤੇ ਦੋਸ਼ ਲਾਉਣਾ ਗਲਤ : ਸੋਨੀ
Thursday, Nov 01, 2018 - 09:34 AM (IST)

ਜਲੰਧਰ/ਰਾਜਪੁਰਾ (ਧਵਨ) : ਪੰਜਾਬ ਦੇ ਸਿੱਖਿਆ ਤੇ ਵਾਤਾਵਰਣ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਨਾਲ ਸੂਬੇ 'ਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਕਮੀ ਆਈ ਹੈ। ਉਹ ਆਈ. ਕੇ. ਜੀ. ਪੀ. ਟੀ. ਯੂ. ਜਲੰਧਰ ਦੇ ਰਾਜਪੁਰਾ ਸਥਿਤ ਕਾਲਜ 'ਚ ਹਿੱਸਾ ਲੈਣ ਗਏ ਸਨ। ਸੋਨੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜੋ ਕਿ ਬਿਲਕੁਲ ਗਲਤ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੋਨੀ ਨੇ ਕਿਹਾ ਕਿ 85 ਫੀਸਦੀ ਪ੍ਰਦੂਸ਼ਣ ਦਾ ਦਿੱਲੀ ਦਾ ਆਪਣਾ ਹੈ, ਜਿਸ 'ਚ ਵਾਹਨਾਂ ਤੇ ਉਦਯੋਗਿਕ ਇਕਾਈਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਤੇ ਗੈਸ ਦਿੱਲੀ ਦੀ ਆਬੋ ਹਵਾ ਨੂੰ ਖਰਾਬ ਕਰ ਰਹੇ ਹਨ। ਸੋਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਿਆ ਸਗੋਂ ਦੂਜੇ ਪਾਸੇ ਮੁੱਖ ਮੰਤਰੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਇਨ੍ਹਾਂ ਕਿਸਾਨਾਂ ਨੂੰ ਬੋਨਸ ਦੇਣ ਦਾ ਮਾਮਲਾ ਵੀ ਉਠਾਇਆ। ਹੁਣ ਪੰਜਾਬ 'ਚ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ 'ਚ ਭਾਰੀ ਕਮੀ ਆਈ ਹੈ।
ਸੋਨੀ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲਗਭਗ 15000 ਸਰਕਾਰੀ ਸਕੂਲ ਹਨ, ਜਿਨ੍ਹਾਂ 'ਚ 25 ਲੱਖ ਬੱਚੇ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਹੈ ਪਰ ਸਰਕਾਰ ਬਾਰਡਰ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਕੁਝ ਵਿਸ਼ੇਸ਼ ਸਹੂਲਤਾਂ ਤੇ ਭੱਤੇ ਦੇਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਜਮਹੂਰੀ ਅਧਿਕਾਰਾਂ ਦਾ ਪੰਜਾਬ ਸਰਕਾਰ ਸਨਮਾਨ ਕਰਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਆਪਣਾ ਅੰਦੋਲਨ ਚਲਾਇਆ ਤਾਂ ਉਹ ਛੁੱਟੀ ਵਾਲੇ ਦਿਨ ਜਾਂ ਛੁੱਟੀ ਹੋਣ ਤੋਂ ਬਾਅਦ ਧਰਨੇ ਲਾਉਣ ਤਾਂ ਜੋ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।