ਅਫੀਮ, ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਲਾਹਣ ਸਮੇਤ 5 ਕਾਬੂ
Monday, Oct 09, 2023 - 02:27 PM (IST)
ਮੋਗਾ (ਆਜ਼ਾਦ) : ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਲੱਖਾਂ ਰੁਪਏ ਮੁੱਲ ਦੀ ਅਫੀਮ, ਹੈਰੋਇਨ, ਨਸ਼ੇ ਵਾਲੀਆਂ ਗਲੀਆਂ ਅਤੇ ਲਾਹਣ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਰਾਜਿੰਦਰ ਸਿੰਘ ਉਰਫ ਛਿੰਦਾ ਨਿਵਾਸੀ ਪਿੰਡ ਦੌਲਤਪੁਰਾ ਨੀਵਾਂ ਅਤੇ ਰਣਜੀਤ ਸਿੰਘ ਉਰਫ਼ ਰਾਣਾ ਨਿਵਾਸੀ ਪਿੰਡ ਕਾਲੀਏਵਾਲਾ ਨੂੰ ਰੋਕਿਆ, ਤਾਂ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 1 ਕਿੱਲੋ ਅਫੀਮ ਬਰਾਮਦ ਕੀਤੀ ਗਈ।
ਪੁਲਸ ਪਾਰਟੀ ਨੇ ਦੋਨਾਂ ਸਮੱਗਲਰਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸ ਤਰ੍ਹਾਂ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਅਤੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੇਰ ਸ਼ਾਮ ਪਿੰਡ ਆਲਮਵਾਲਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਸੋਹਣ ਲਾਲ ਨਿਵਾਸੀ ਪੱਟੀ (ਤਰਨਤਾਰਨ) ਹੈਰੋਇਨ ਸਮੱਗਲਿੰਗ ਦਾ ਧੰਦਾ ਕਰਦਾ ਹੈ। ਇਸ ’ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਕਥਿਤ ਸਮੱਗਲਰ ਨੂੰ ਇੰਡੀਕਾ ਗੱਡੀ ਸਹਿਤ ਕਾਬੂ ਕਰ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੇ ਖਿਲਾਫ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ।
ਇਸ ਤਰ੍ਹਾਂ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪਿੰਡ ਸਿੰਘਾਂਵਾਲਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਕੀਮਤੀ ਲਾਲ ਨਿਵਾਸੀ ਪਿੰਡ ਸਿੰਘਾਂਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਖ਼ਿਲਾਫ ਥਾਣਾ ਸਿਟੀ ਸਾਉਥ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਜਗਸੀਰ ਸਿੰਘ ਨਿਵਾਸੀ ਸਰਕਾਰ ਪੱਤੀ ਚੜਿੱਕ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਕਰ ਕੇ 25 ਲਿਟਰ ਲਾਹਣ ਬਰਾਮਦ ਕੀਤੀ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।