ਕਾਊਂਟਿੰਗ ਏਜੰਟਾਂ ਨੂੰ ਪਾਸ ਨਾ ਮਿਲਣ ’ਤੇ ਵਿਰੋਧੀ ਪਾਰਟੀਆਂ ਦਾ ਸੰਘੇੜਾ ਕਾਲਜ ਅੱਗੇ ਰੋਸ, ਟਰੈਫਿਕ ਜਾਮ
Tuesday, Dec 16, 2025 - 08:04 PM (IST)
ਮਹਿਲ ਕਲਾਂ (ਹਮੀਦੀ) : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਹੋਣ ਜਾ ਰਹੀ ਗਿਣਤੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਗੁਰੂ ਗੋਬਿੰਦ ਸਿੰਘ ਸੰਘੇੜਾ ਕਾਲਜ ਦੇ ਮੁੱਖ ਦਰਵਾਜੇ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੇ ਦਬਾਅ ਹੇਠ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਨੂੰ ਜਾਣ-ਬੁੱਝ ਕੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਦੱਸਿਆ ਗਿਆ ਕਿ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਕਾਊਂਟਿੰਗ ਏਜੰਟਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਸਾਢੇ 6 ਵਜੇ ਤੱਕ ਪਾਸ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਲੰਮੇ ਸਮੇਂ ਤੱਕ ਪਾਸ ਨਾ ਮਿਲਣ ਕਾਰਨ ਗੁੱਸੇ ਵਿੱਚ ਆਏ ਅਕਾਲੀ ਤੇ ਕਾਂਗਰਸੀ ਵਰਕਰਾਂ ਨੇ ਸੰਘੇੜਾ ਕਾਲਜ ਦੇ ਬਾਹਰ ਸੜਕ ਉੱਤੇ ਟਰੈਫਿਕ ਜਾਮ ਕਰ ਦਿੱਤਾ, ਜਿਸ ਨਾਲ ਕੁਝ ਸਮੇਂ ਲਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ।
ਮੌਕੇ ‘ਤੇ ਸਥਿਤੀ ਤਣਾਅਪੂਰਨ ਬਣ ਗਈ ਅਤੇ ਪੁਲਸ ਨੂੰ ਹਾਲਾਤ ਕਾਬੂ ਕਰਨ ਲਈ ਦਖਲ ਕਰਨੀ ਪਈ। ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਜਦੋਂ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਐੱਸਐੱਸਪੀ ਬਰਨਾਲਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਸਪੈਕਟਰ ਲਖਵਿੰਦਰ ਸਿੰਘ ਮੌਕੇ ‘ਤੇ ਪੁੱਜੇ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਭਰੋਸਾ ਦਿਵਾਇਆ ਕਿ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਕਾਊਂਟਿੰਗ ਏਜੰਟ ਬਣਾਉਣ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗਿਣਤੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ।
ਰੋਸ ਪ੍ਰਦਰਸ਼ਨ ਮਗਰੋਂ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਨਿਰਪੱਖ ਅਤੇ ਨਿਆਂਪੂਰਕ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਰਯਾਦਾ ਨੂੰ ਕਾਇਮ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।
