ਪੰਜਾਬ ਪੁਲਸ ਦੇ ਅਫ਼ਸਰਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, 7 ਦਿਨਾਂ ਦੇ ਅੰਦਰ-ਅੰਦਰ...
Wednesday, Mar 26, 2025 - 01:46 PM (IST)

ਜਲੰਧਰ/ਚੰਡੀਗੜ੍ਹ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਪਣੀ ਰਣਨੀਤੀ ਨੂੰ ਵੱਡੇ ਪੱਧਰ ’ਤੇ ਲਾਗੂ ਕਰਨ ਤੋਂ ਬਾਅਦ ਵੱਡੀਆਂ ਮੱਛੀਆਂ ਵਿਰੁੱਧ ਸਟੀਕ ਹਮਲਿਆਂ ਵੱਲ ਬਦਲਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਪੁਲਸ ਕਮਿਸ਼ਨਰਾਂ (ਸੀ. ਪੀ.) ਅਤੇ ਸੀਨੀਅਰ ਪੁਲਸ ਸੁਪਰਡੈਂਟਾਂ (ਐੱਸ. ਐੱਸ. ਪੀਜ਼) ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿਚ 7 ਦਿਨਾਂ ਦੇ ਅੰਦਰ ਮੁੱਖ ਨਸ਼ਾ ਸਪਲਾਇਰਾਂ/ਸਮੱਗਲਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ। ਇਕ ਪੱਤਰ ਰਾਹੀਂ ਜਾਰੀ ਕੀਤੇ ਗਏ ਇਸ ਨਿਰਦੇਸ਼ ਦਾ ਮਕਸਦ ਸੂਬੇ ’ਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - 10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਤੀਜੇ ਵਜੋਂ ਸੂਬੇ ਭਰ ਵਿਚ 2248 ਐੱਫ. ਆਈ. ਆਰਜ਼ ਦਰਜ ਕਰਨ ਤੋਂ ਬਾਅਦ 3957 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 137.7 ਕਿਲੋਗ੍ਰਾਮ ਹੈਰੋਇਨ ਸਮੇਤ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਡੀ. ਜੀ. ਪੀ. ਨੇ ਆਪਣੇ ਪੱਤਰ ਵਿਚ ਕਿਹਾ ਕਿ ਨਾਗਰਿਕਾਂ ਤੋਂ ਪ੍ਰਾਪਤ ਫੀਡਬੈਕ ਅਤੇ ਹੋਰ ਜਾਣਕਾਰੀ ਦਰਸਾਉਂਦੀ ਹੈ ਕਿ ਸੜਕ ਪੱਧਰ ’ਤੇ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਉਪਲਬਧਤਾ ਵਿਚ ਕਾਫ਼ੀ ਕਮੀ ਆਈ ਹੈ। ਹਾਲਾਂਕਿ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਨਸ਼ੀਲੇ ਪਦਾਰਥ ਪਹੁੰਚਾਉਣ ਵਾਲੇ ਸਪਲਾਇਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾ ਕੇ ਨਸ਼ੀਲੀਆਂ ਦਵਾਈਆਂ ਦੇ ਕਾਨੂੰਨ ਨੂੰ ਧਿਆਨ ਨਾਲ ਅਤੇ ਪੇਸ਼ੇਵਰ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਕਰਜ਼ ਮੁਆਫ਼ੀ ਦਾ ਐਲਾਨ, ਹਜ਼ਾਰਾਂ ਪਰਿਵਾਰਾਂ ਦੀ ਬਦਲੇਗੀ ਜ਼ਿੰਦਗੀ
ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸਾਰੇ ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਨਸ਼ਿਆਂ ਦੇ ਸਪਲਾਇਰਾਂ ਦੇ ਵੇਰਵੇ ਤਿਆਰ ਕਰਨ ਲਈ ਮੈਪਿੰਗ ਅਭਿਆਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ, ਤਾਂ ਜੋ ਪੁੱਛਗਿੱਛ ਰਿਪੋਰਟਾਂ, ਜਨਤਕ ਸੁਝਾਵਾਂ, ਖੁਫੀਆ ਜਾਣਕਾਰੀ, ਸੇਫ਼ ਪੰਜਾਬ ਹੈਲਪਲਾਈਨ ਤੋਂ ਡਾਟਾ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਅਪਰਾਧਿਕ ਜਾਂਚ ਵਿਚ ਸਾਹਮਣੇ ਆਏ ਅਗਲੇ-ਪਿਛਲੇ ਸਬੰਧਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਸੂਚੀਬੱਧ ਕੀਤਾ ਜਾ ਸਕੇ। ਡੀ. ਜੀ. ਪੀ. ਨੇ ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਹੁਕਮ ਦਿੱਤਾ ਕਿ ਇਹ ਸੂਚੀ ਸਬੂਤ ਆਧਾਰਿਤ ਅਤੇ ਵਿਆਪਕ ਹੋਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਉਨ੍ਹਾਂ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਨਸ਼ੀਲੇ ਪਦਾਰਥਾਂ ਦੇ ਸਰੋਤਾਂ ਬਾਰੇ ਅਗਿਆਨਤਾ ਦੇ ਅਸਪੱਸ਼ਟ ਦਾਅਵਿਆਂ ਨੂੰ ਗੈਰ-ਪੇਸ਼ੇਵਰ ਮੰਨਿਆ ਜਾਵੇਗਾ। ਪ੍ਰਭਾਵਸ਼ਾਲੀ ਮੈਪਿੰਗ ਦੀ ਅਣਹੋਂਦ ਵਿਚ ਇਹ ਮੰਨਿਆ ਜਾਵੇਗਾ ਕਿ ਤੁਸੀਂ (ਸੀ. ਪੀਜ਼/ਐੱਸ. ਐੱਸ. ਪੀਜ਼) ਨਿੱਜੀ ਦਿਲਚਸਪੀ ਨਹੀਂ ਲੈ ਰਹੇ ਹੋ। ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਸਮੇਂ ਸਿਰ ਰਿਪੋਰਟ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕੀਮਤ ’ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਆਧਾਰ ’ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਨਸ਼ੀਲੇ ਪਦਾਰਥਾਂ ਦੇ ਮੁੱਖ ਸਪਲਾਇਰਾਂ/ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਚਾਬੱਧ ਮੁਹਿੰਮਾਂ ਸ਼ੁਰੂ ਕੀਤੀਆਂ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8