ਪੰਜਾਬ ''ਚ ਜਾਅਲੀ ਟ੍ਰੈਵਲ ਏਜੰਟਾਂ ''ਤੇ ਸ਼ਿਕੰਜਾ ਕੱਸਣ ਦੇ ਮੁੱਖ ਮੰਤਰੀ ਵਲੋਂ ਨਿਰਦੇਸ਼

11/07/2017 4:53:43 AM

ਜਲੰਧਰ  (ਧਵਨ) — ਪੰਜਾਬ 'ਚ ਕੰਮ ਕਰ ਰਹੇ ਜਾਅਲੀ ਟ੍ਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੂੰ ਭੇਜੇ ਨਿਰਦੇਸ਼ਾਂ 'ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਅਲੀ ਏਜੰਟਾਂ ਵਿਰੁੱਧ ਪੰਜਾਬ ਪੁਲਸ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਏਜੰਟਾਂ ਦੇ ਹੱਥੋਂ ਧੋਖਾਦੇਹੀ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੂੰ ਦੱਸਿਆ ਕਿ ਡੀ. ਜੀ. ਪੀ. ਸੁਰੇਸ਼ ਅਰੋੜਾ ਨੂੰ ਇਸ ਸੰਬੰਧ 'ਚ ਵਿਸ਼ੇਸ਼ ਮੁਹਿੰਮ ਚਲਾਉਣ ਤੇ ਜਾਅਲੀ ਏਜੰਟਾਂ ਵਿਰੁੱਧ ਅਪਰਾਧਕ ਕਾਰਵਾਈ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ  ਆਪਣੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਨਚਬੱਧ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ  ਟਵੀਟ ਕਰਕੇ ਧੋਖਾਦੇਹੀ ਅਤੇ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਅਪਰਾਧਕ ਕੇਸ ਦਰਜ ਕਰਨ ਲਈ ਕਿਹਾ ਸੀ। ਸੁਸ਼ਮਾ ਸਵਰਾਜ ਵਲੋਂ ਕੀਤੇ ਗਏ ਟਵੀਟ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਟਵੀਟ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਜਬਾਬ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤੋਂ ਪਹਿਲਾਂ ਸੁਸ਼ਮਾ ਸਵਰਾਜ ਨੂੰ ਸਾਊਦੀ ਅਰਬ 'ਚ ਫਸੀ ਪੰਜਾਬ ਦੀ ਇਕ ਮਾਂ ਤੇ ਉਸ ਦੀ ਪੁੱਤਰੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਪ੍ਰਭਾਵ ਦਾ ਇਸਤੇਮਾਲ ਕਰਨ ਲਈ ਕਿਹਾ ਸੀ। ਨਵਾਂਸ਼ਹਿਰ ਦੀ ਮਹਿਲਾ ਗੁਰਬਖਸ਼ ਕੌਰ ਤੇ ਉਸ ਦੀ ਪੁੱਤਰੀ ਰੀਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਚੁੱਕਾ ਹੈ, ਜਿਸ 'ਤੇ ਉਸ ਨੇ ਟ੍ਰੈਵਲ ਏਜੰਟ 'ਤੇ ਗੰਭੀਰ ਦੋਸ਼ ਲਗਾਏ ਸਨ। ਇਸ ਮਹਿਲਾ ਨੇ ਕਿਹਾ ਸੀ ਕਿ ਟ੍ਰੈਵਲ ਏਜੰਟ ਨੇ ਉਸ ਨੂੰ ਮਲੇਸ਼ੀਆ ਭੇਜਣ ਦੀ ਥਾਂ ਸਾਊਦੀ ਅਰਬ ਭੇਜ ਦਿੱਤਾ।
ਗੁਰਬਖਸ਼ ਕੌਰ ਦੇ ਪਤੀ ਗੁਰਮੇਲ ਸਿੰਘ ਨੇ ਟ੍ਰੈਵਲ ਏਜੰਟ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋਇਆ। ਉਸ ਤੋਂ ਬਾਅਦ ਪੁਲਸ ਨੇ ਐੱਫ. ਆਈ. ਆਰ. ਦਰਜ ਕੀਤੀ। ਮੁੱਖ ਮੰਤਰੀ ਨੇ ਪੰਜਾਬ ਪੁਲਸ ਨੂੰ ਕੇਸ ਦਰਜ ਕਰਨ 'ਚ ਹੋਈ ਦੇਰੀ ਲਈ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦਾ ਦੁਆਬਾ ਖੇਤਰ ਜਾਅਲੀ ਟ੍ਰੈਵਲ ਏਜੰਟਾਂ ਨਾਲ ਭਰਿਆ ਹੋਇਆ ਹੈ ਅਤੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਕਈ ਕਾਂਡ ਸਾਹਮਣੇ ਆ ਚੁੱਕੇ ਹਨ। ਇਸ ਨੂੰ ਦੇਖਦੇ ਹੋਏ ਹੁਣ ਪੁਲਸ ਵਲੋਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


Related News