ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
Friday, May 08, 2026 - 12:09 PM (IST)
ਮਾਨਸਾ (ਮਨਜੀਤ ਕੌਰ) : ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ. ਏ. ਐੱਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ 'ਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ 'ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਵੀ ਪੂਰਨ ਰੂਪ 'ਚ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਕਿਸੇ ਵੀ ਭਾਈਚਾਰੇ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ 'ਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ 'ਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਟਰੈਕਟਰ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
