ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਈਕ੍ਰੋ ਕੰਟੇਨਮੈਂਟ ਜ਼ੋਨ ਤੇ ਕੰਟੇਨਮੈਂਟ ਬਣਾਉਣ ਦੇ ਹੁਕਮ

06/20/2020 5:56:30 PM

ਜਲੰਧਰ (ਚੋਪੜਾ) : ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਉਥੇ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨ ਬਣਾਏ ਜਾਣ। ਸਥਾਨਕ ਸਰਕਟ ਹਾਊਸ ਜਲੰਧਰ ਵਿਖੇ ਕੋਰੋਨਾ ਵਾਇਰਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਿਵਲ, ਸਿਹਤ ਅਤੇ ਪੁਲਸ ਮਹਿਕਮੇ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦਾ ਮੁੱਖ ਟੀਚਾ ਕੋਰੋਨਾ ਵਾਇਰਸ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੇਠਲੇ ਪੱਧਰ ਤੱਕ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਕਮਿਆਂ ਨੂੰ ਆਪਸੀ ਤਾਲਮੇਲ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਯੋਜਨਾ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਜਿਨ੍ਹਾਂ ਖੇਤਰਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਬਾਰੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਸਹਾਇਕ ਕਮਿਸ਼ਨਰ ਪੁਲਸ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਿਲ ਕੇ ਸਾਂਝੇ ਤੌਰ 'ਤੇ ਐਲਾਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਨਹੀਂ ਰੁਕ ਰਿਹਾ ਜਲੰਧਰ 'ਚ ਕੋਰੋਨਾ ਦਾ ਕਹਿਰ, 45 ਨਵੇਂ ਮਾਮਲੇ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ੋਨਾਂ ਵਿਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਦਾ ਐਲਾਨ ਕਰਨ ਤੋਂ ਬਾਅਦ ਸਿਹਤ ਮਹਿਕਮੇ ਦੇ ਕਾਮਿਆਂ ਵਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਜ਼ੋਨਾਂ ਵਿਚ ਗਤੀਵਿਧੀਆਂ ਦੀ ਨਜ਼ਰਸਾਨੀ ਲਈ ਸਿਵਲ, ਸਿਹਤ ਅਤੇ ਪੁਲਸ ਮਹਿਕਮੇ ਦੀਆਂ ਸਾਂਝੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਵੱਡੇ ਪੱਧਰ 'ਤੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਮਹਿਕਮਿਆਂ ਨੂੰ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਲੋਕਾਂ ਦੀ ਜਾਗਰੂਕਤਾ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਸ ਗੁਰਮੀਤ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ. ਜੈ. ਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਜੀਤ ਸਿੰਘ ਅਤੇ ਹਰਦੀਪ ਸਿੰਘ, ਪੁੱਡਾ ਅਸਟੇਟ ਅਫ਼ਸਰ ਨਵਨੀਤ ਕੌਰ ਬੱਲ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਅਨੁਪਮ ਕਲੇਰ, ਸਿਵ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਹਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, 428 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ

Anuradha

This news is Content Editor Anuradha