ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਹੁਕਮ : ਧਰਮਸੋਤ

Tuesday, Jun 02, 2020 - 08:17 PM (IST)

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਉਨ੍ਹਾਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਤਰੱਕੀ ਕਰਨ ਦੇ ਹੁਕਮ ਦਿੱਤੇ ਗਏ ਹਨ, ਜੋ ਤਰੱਕੀ ਸਬੰਧੀ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਵਾ ਕੇ ਇਸ ਨੂੰ ਅਮਲੀ ਰੂਪ ਦੇ ਦਿੱਤਾ ਜਾਵੇ ਅਤੇ ਨਿਯਮ/ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮੋਟ ਕਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਤਰੱਕੀ ਨਾਲ ਵਿਭਾਗ 'ਚ ਸੀਨੀਅਰ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਵਿਭਾਗੀ ਸਮਰੱਥਾ 'ਚ ਵਾਧਾ ਹੋਵੇਗਾ। ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਸਬੰਧਤ 309 ਕਰੋੜ ਰੁਪਏ ਦੀ ਰਾਸ਼ੀ ਸੂਬਾ ਸਰਕਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ 'ਚੋਂ ਵਜ਼ੀਫੇ ਨਾਲ ਸਬੰਧਤ 206 ਕਰੋੜ ਦੀ ਰਾਸ਼ੀ ਨੂੰ ਛੇਤੀ ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਜ਼ੀਫਾ ਰਾਸ਼ੀ ਵਿਦਿਆਰਥੀਆਂ ਦੇ ਖਾਤਿਆਂ 'ਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਦੀ ਰਹਿੰਦੀ ਬਕਾਇਆ ਰਾਸ਼ੀ ਬਾਰੇ ਵੀ ਕੇਂਦਰ ਨਾਲ ਜਲਦ ਦੀ ਰਾਬਤਾ ਕੀਤਾ ਜਾਵੇਗਾ। ਧਰਮਸੋਤ ਨੇ ਦੱਸਿਆ ਕਿ ਕੈ. ਅਮਰਿੰਦਰ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਸਰਕਾਰ ਨੇ ਜਿੱਥੇ ਪੜ੍ਹਾਈ ਦੇ ਪ੍ਰਬੰਧ ਕੀਤੇ ਹਨ, ਉਥੇ ਹੀ ਬੇਰੁਜ਼ਗਾਰ ਨੌਜਵਾਨਾਂ ਲਈ 50 ਹਜ਼ਾਰ ਤੋਂ 2 ਲੱਖ ਤਕ ਦੇ ਘੱਟ ਵਿਆਜ ਦਰਾਂ ਵਾਲੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ।

 


KamalJeet Singh

Content Editor

Related News