ਕੰਟੇਨਮੈਂਟ ਜ਼ੋਨਾਂ ''ਚ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ : ਡਿਪਟੀ ਕਮਿਸ਼ਨਰ

Friday, Jun 26, 2020 - 02:27 AM (IST)

ਕੰਟੇਨਮੈਂਟ ਜ਼ੋਨਾਂ ''ਚ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ : ਡਿਪਟੀ ਕਮਿਸ਼ਨਰ

ਸੰਗਰੂਰ, (ਵਿਜੈ ਕੁਮਾਰ ਸਿੰਗਲਾ)-  ਮਲੇਰਕੋਟਲਾ ਵਿਖੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਸਾਵਧਾਨੀਆਂ ਅਪਣਾਉਣ ਬਾਰੇ ਵਧੇਰੇ ਜਾਗਰੂਕਤਾ ਫੈਲਾਉਣ ਲਈ ਉਦਮ ਕੀਤੇ ਜਾਣ ਦੀ ਲੋੜ 'ਤੇ ਜ਼ੋਰ ਪਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮਲੇਰਕੋਟਲਾ ਵਿਖੇ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤੇ ਗਏ 3 ਖੇਤਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ  ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਜ਼ੋਨਾਂ ਅੰਦਰ ਸਿਰਫ਼ ਜ਼ਰੂਰੀ ਵਸਤਾਂ ਅਤੇ ਮੈਡੀਕਲ ਸੇਵਾਵਾਂ ਦੀ ਪਹੁੰਚ ਨੂੰ ਹੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਿਖੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਾ ਇਜ਼ਾਫ਼ਾ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਰੋਕੇ ਜਾਣ ਲਈ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਲਈ ਲੋਕਾਂ ਨੂੰ ਪਾਬੰਦ ਕੀਤੇ ਜਾਣਾ ਸਮੇਂ ਦੀ ਅਹਿਮ ਲੋੜ ਹੈ।  ਉਨ੍ਹਾਂ  ਕਿਹਾ ਕਿ ਸੰਘਣੀ ਆਬਾਦੀ ਵਾਲੇ ਬਜ਼ਾਰਾਂ ਵਿੱਚ ਅਹਿਤਿਆਤਾਂ ਦੀ ਪਾਲਣਾ ਦਾ ਵਧੇਰੇ ਖਿਆਲ ਰੱਖਿਆ ਜਾਵੇ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਦੀ ਢਿੱਲ ਨਾ ਦਿੱਤੀ ਜਾਵੇ। ਉਨ੍ਹਾਂ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲਾ ਨੂੰ ਕੋਰੋਨਾ ਮੁਕਤ ਕਰਨ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਲਾਹਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਸਹਿਯੋਗ ਦਿੰਦੇ ਹੋਏ ਮਾਸਕ ਜ਼ਰੂਰ ਪਾਉਣ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੀਆਂ ਸਲਾਹਾਂ ਨੂੰ ਜਰੂਰ ਅਮਲ ਵਿੱਚ ਲਿਆਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿੱਚ ਡਿਊਟੀ ਮੈਜਿਸਟਰੇਟ ਦੀ ਤਾÎਇਨਾਤੀ ਕਰਕੇ ਲੋੜ ਮੁਤਾਬਕ ਪੁਲਿਸ ਵੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਲੋੜ ਮੁਤਾਬਕ ਪੀ.ਪੀ.ਈ ਕਿੱਟਾਂ ਵੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਕੋਵਿਡ ਸਬੰਧੀ ਸਾਵਧਾਨੀਆਂ ਨੂੰ ਲਾਜ਼ਮੀ ਤੌਰ 'ਤੇ ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੁਆਰਾ ਅਪਣਾਏ ਜਾਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਮਲੇਰਕੋਟਲਾ ਹਸਪਤਾਲ ਵਿਖੇ ਸਥਾਪਤ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਮਰੀਜ਼ਾਂ ਨੂੰ ਮਿਆਰੀ ਇਲਾਜ ਸੁਵਿਧਾਵਾਂ ਦੇਣ ਦੇ ਨਾਲ ਨਾਲ ਕੋਵਿਡ ਕੇਅਰ ਸੈਂਟਰਾਂ ਵਿੱਚ ਪੁਸਤਕਾਂ ਆਦਿ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਮਰੀਜ਼ ਆਪਣਾ ਸਮਾਂ ਸਾਕਾਰਾਤਮਕ ਢੰਗ ਨਾਲ ਬਤੀਤ ਕਰ ਸਕਣ। ਮੀਟਿੰਗ ਦੌਰਾਨ ਏ.ਡੀ.ਸੀ ਰਾਜੇਸ਼ ਤ੍ਰਿਪਾਠੀ, ਸਿਵਲ ਸਰਜਨ ਡਾ. ਰਾਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


author

Bharat Thapa

Content Editor

Related News