ਜਵਾਹਰਪੁਰ 'ਚ ਪੀੜਤਾਂ ਦੇ ਹੋਰ ਕਰੀਬੀਆਂ ਦਾ ਪਤਾ ਲਗਾ ਕੇ ਟੈਸਟ ਕੀਤੇ ਜਾਣ : ਸਿਹਤ ਮੰਤਰੀ

Monday, Apr 13, 2020 - 11:54 PM (IST)

ਮੋਹਾਲੀ, (ਪਰਦੀਪ)— ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ 'ਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਮਾਹਰ ਟੀਮ ਨਾਲ ਵਿਚਾਰ-ਚਰਚਾ ਕੀਤੀ। ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ ਦੀ ਬੇਨਤੀ 'ਤੇ ਮੈਡੀਕਲ ਕਾਲਜ ਦੇ ਚਾਰ ਮਾਹਰਾਂ ਨੇ ਸਿਵਲ ਸਰਜਨ ਦਫ਼ਤਰ ਵਿਖੇ ਹੋਈ ਇਸ ਮੀਟਿੰਗ 'ਚ ਹਿੱਸਾ ਲਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡ ਜਵਾਹਰਪੁਰ 'ਚ ਮਾਰੂ ਬੀਮਾਰੀ ਦੇ ਕੇਸਾਂ 'ਚ ਰੋਜ਼ਾਨਾ ਹੋ ਰਹੇ ਵਾਧੇ ਤੋਂ ਚਿੰਤਤ ਹਨ, ਜਿਨ੍ਹਾਂ ਨੂੰ ਫੌਰੀ ਤੌਰ 'ਤੇ ਠੱਲ੍ਹ ਪਾਉਣ ਦੀ ਲੋੜ ਹੈ। ਇਸ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਸਿੱਧੂ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਮਾਹਰਾਂ ਦੀ ਟੀਮ ਦੇ ਕੀਮਤੀ ਸੁਝਾਅ ਅਤੇ ਰਾਏ ਲੈ ਕੇ ਇਸ ਬੀਮਾਰੀ 'ਤੇ ਛੇਤੀ ਤੇ ਵਧੇਰੇ ਅਸਰਦਾਰ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ 'ਚ ਮਿਲੇ ਪਾਜ਼ੇਟਿਵ ਕੇਸਾਂ ਦੇ ਸੰਪਰਕ 'ਚ ਆਏ ਹੋਰ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਟੈਸਟ ਕੀਤੇ ਜਾਣ ਤਾਂ ਕਿ ਬੀਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਸ ਬੀਮਾਰੀ ਦੇ ਫੈਲਣ ਦੇ ਕਾਰਣਾਂ ਦਾ ਵੀ ਪਤਾ ਲਾਉਣ ਲਈ ਆਖਿਆ। ਮੀਟਿੰਗ ਦੌਰਾਨ ਮਾਹਰਾਂ ਦੀ ਟੀਮ ਨੇ ਵੀ ਇਸ ਅਣਸੁਖਾਵੀਂ ਸਥਿਤੀ ਨਾਲ ਕੁਸ਼ਲ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਸਿਹਤ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਤਕਨੀਕੀ ਅਤੇ ਵਿਗਿਆਨਕ ਨਜ਼ਰੀਏ ਤੋਂ ਜ਼ਿਲ੍ਹਾ ਸਿਹਤ ਵਿਭਾਗ ਨੇ ਬਹੁਤ ਸਹੀ ਅਤੇ ਅਸਰਦਾਰ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਦੇ ਓ. ਐੱਸ. ਡੀ. ਡਾ. ਬਲਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਸੁਭਾਸ਼ ਸ਼ਰਮਾ, ਜ਼ਿਲਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਵੀ ਮੀਟਿੰਗ 'ਚ ਹਿੱਸਾ ਲਿਆ।






 


KamalJeet Singh

Content Editor

Related News