ਪੀ. ਏ. ਯੂ. ਦੇ ਸਟਾਫ਼ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ 72.56 ਲੱਖ ਦਾ ਸਹਿਯੋਗ
Friday, May 15, 2020 - 12:01 AM (IST)
ਚੰਡੀਗੜ੍ਹ,(ਸ਼ਰਮਾ)- ਕੋਰੋਨਾ ਵਾਇਰਸ ਵਿਰੁੱਧ ਜੰਗ ’ਚ ਠੋਸ ਯਤਨ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਵਾਲੀ ਸੂਬਾ ਸਰਕਾਰ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਟਾਫ ਨੇ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਲਈ 72.56 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਉਕਤ ਰਾਸ਼ੀ ਦਾ ਚੈੱਕ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੌਂਪਿਆ। ਇਸ ਮਾਨਵਤਾ ਪੱਖੀ ਉਪਰਾਲੇ ਲਈ ਵਾਈਸ ਚਾਂਸਲਰ ਦਾ ਧੰਨਵਾਦ ਕਰਦਿਆਂ ਆਸ਼ੂ ਨੇ ਕਿਹਾ ਕਿ ਕੋਵਿਡ -19 ਦੌਰਾਨ ਪੈਦਾ ਹੋਈ ਇਸ ਸੰਕਟਕਾਲੀ ਘੜੀ ’ਚ ਇਹ ਯੋਗਦਾਨ ਲੋੜਵੰਦਾਂ ਅਤੇ ਗਰੀਬ ਲੋਕਾਂ ਦੀ ਸਹਾਇਤਾ ਕਰਨ ਦੀ ਦਿਸ਼ਾ ’ਚ ਇਕ ਵੱਡਾ ਯੋਗਦਾਨ ਹੈ। ਉਨ੍ਹਾਂ ਪੀ. ਏ. ਯੂ. ਦੇ ਸਮੁੱਚੇ ਸਟਾਫ ਦਾ ਕੋਰੋਨਾ ਵਾਇਰਸ ਮਹਾਮਾਰੀ ਵਿਰੁੱਧ ਸਰਕਾਰ ਦੀ ਨਿਰੰਤਰ ਲੜਾਈ ’ਚ ਤਨਦੇਹੀ ਨਾਲ ਸਮਰਥਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।