ਪੀ. ਐੱਸ. ਯੂ. ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

09/23/2017 1:15:59 AM

ਨਵਾਂਸ਼ਹਿਰ, (ਤ੍ਰਿਪਾਠੀ)- ਪਟਿਆਲਾ 'ਚ ਮੰਗਾਂ ਲਈ ਸੰਘਰਸ਼ ਕਰ ਰਹੇ ਪੀ. ਐੱਸ. ਯੂ. ਦੇ ਆਗੂਆਂ ਤੇ ਵਿਦਿਆਰਥੀਆਂ 'ਤੇ ਧਾਰਾ 144 ਦੀ ਉਲੰਘਣਾ ਦੇ ਦੋਸ਼ ਹੇਠ ਦਰਜ ਕੀਤੇ ਝੂਠੇ ਪੁਲਸ ਮਾਮਲਿਆਂ ਦੇ ਵਿਰੋਧ ਵਿਚ ਪੀ. ਐੱਸ. ਯੂ. ਦੀ ਜ਼ਿਲਾ ਇਕਾਈ ਨੇ ਰਾਹੋਂ ਰੋਡ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਚੱਕਾ ਜਾਮ ਕੀਤਾ।
ਜ਼ਿਲਾ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ 14 ਸਤੰਬਰ ਨੂੰ ਪਟਿਆਲਾ ਵਿਖੇ ਪੀ. ਐੱਸ. ਯੂ. ਦੇ ਮੈਂਬਰ ਵਿਦਿਆਰਥੀਆਂ ਨੇ ਮੰਗਾਂ ਸੰਬੰਧੀ ਰੋਸ ਮੁਜ਼ਾਹਰਾ ਕੀਤਾ ਸੀ। ਇਸੇ ਦੌਰਾਨ ਜ਼ਿਲਾ ਪੁਲਸ ਪ੍ਰਸ਼ਾਸਨ ਨੇ ਵਿਦਿਆਰਥੀ ਆਗੂਆਂ 'ਤੇ ਧਾਰਾ 144 ਦੀ ਉਲੰਘਣਾ ਦੇ ਦੋਸ਼ 'ਚ ਸੂਬਾ ਪ੍ਰਧਾਨ ਰਜਿੰਦਰ ਸਿੰਘ ਤੇ ਜਨਰਲ ਸਕੱਤਰ ਪ੍ਰਦੀਪ ਸਮੇਤ ਕਈ ਆਗੂਆਂ 'ਤੇ ਝੂਠੇ ਪੁਲਸ ਮਾਮਲੇ ਦਰਜ ਕੀਤੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਪੂਰੇ ਪੰਜਾਬ ਦੇ ਜ਼ਿਲਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੌਜੂਦਾ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਚੋਣ ਮੈਨੀਫੈਸਟੋ 'ਚ ਲੜਕੀਆਂ ਨੂੰ ਪਹਿਲੀ ਕਲਾਸ ਤੋਂ ਉੱਚ ਸਿੱਖਿਆ ਤੱਕ ਮੁਫਤ ਸਿੱਖਿਆ ਦੇਣ ਤੇ ਹਰ ਘਰ 'ਚ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਪਰ ਉਸ 'ਤੇ ਹਾਲੇ ਤੱਕ ਅਮਲ ਨਹੀਂ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀ. ਐੱਸ. ਯੂ. ਦੇ ਆਗੂਆਂ 'ਤੇ ਦਰਜ ਝੂਠੇ ਮਾਮਲੇ ਰੱਦ ਕੀਤੇ ਜਾਣ, ਨਹੀਂ ਤਾਂ ਉਨ੍ਹਾਂ ਦੀ ਯੂਨੀਅਨ ਪੰਜਾਬ 'ਚ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰੇਗੀ।
ਇਸ ਮੌਕੇ ਯਸ਼ਪਾਲ ਸਿੰਘ, ਪਵਨ ਕੁਮਾਰ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਮਣੀ, ਰਤਨ ਲਾਲ, ਹਰਦੀਪ, ਵਿਨੇ ਕੁਮਾਰ ਆਦਿ ਹਾਜ਼ਰ ਸਨ।
ਰੂਪਨਗਰ,  (ਵਿਜੇ)- ਪੰਜਾਬ ਸਟੂਡੈਂਟਸ ਯੂਨੀਅਨ ਨੇ ਪਟਿਆਲਾ ਪੁਲਸ ਵੱਲੋਂ ਪੀ.ਐੱਸ.ਯੂ. ਦੇ ਨੇਤਾ ਸੂਬਾ ਪ੍ਰਧਾਨ ਰਜਿੰਦਰ ਸਿੰਘ ਸਮੇਤ ਹੋਰ ਆਗੂਆਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਤੇ ਸਰਕਾਰ ਦੀ ਧੱਕੇਸ਼ਾਹੀ ਦੇ ਵਿਰੋਧ 'ਚ ਸਰਕਾਰੀ ਕਾਲਜ ਦੇ ਗੇਟ ਸਾਹਮਣੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।  ਇਸ ਮੌਕੇ ਸੰਬੋਧਨ ਕਰਦੇ ਹੋਏ ਪੀ. ਐੱਸ. ਯੂ. ਦੇ ਸੂਬਾਈ ਨੇਤਾ ਰਣਵੀਰ ਰੰਧਾਵਾ ਤੇ ਪ੍ਰਧਾਨ ਜਗਮਨਦੀਪ ਸਿੰਘ ਨੇ ਕਿਹਾ ਕਿ ਪੀ.ਐੱਸ.ਯੂ. ਨੇ ਬੀਤੇ ਦਿਨੀਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਸੀ ਪਰ ਪਟਿਆਲਾ ਪੁਲਸ ਨੇ ਬੌਖਲਾਹਟ 'ਚ ਆ ਕੇ ਧਾਰਾ 144 ਤਹਿਤ ਦਰਜ ਪਰਚੇ ਕਰ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾ ਕਰਜ਼ਾ ਮੁਆਫੀ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨਾ ਚਾਹੁੰਦੇ ਸੀ ਪਰ ਸਰਕਾਰ ਕਿਸਾਨਾਂ ਦੇ ਧਰਨੇ ਦੇ ਡਰੋਂ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਚੋਣਾਂ 'ਚ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸੰਘਰਸ਼ ਸੰਬੰਧੀ ਉਨ੍ਹਾਂ ਸਹਿਯੋਗੀ ਜਥੇਬੰਦੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਗੱਜਣ ਭੱਟੀ, ਸਤਨਾਮ ਸਿੰਘ, ਗੁਰਦੀਪ ਸਿੰਘ, ਹੈਪੀ ਘਨੌਲੀ, ਮਨਮੀਤ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਜਨੀ ਦੇਵੀ, ਮਨਦੀਪ ਕੌਰ ਤੇ ਅਮਨਪ੍ਰੀਤ ਕੌਰ ਮੌਜੂਦ ਸਨ।


Related News