ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟ੍ਰਿਕ ਟਨ ਝੋਨਾ

Tuesday, Nov 19, 2024 - 01:59 PM (IST)

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟ੍ਰਿਕ ਟਨ ਝੋਨਾ

ਮਾਨਸਾ (ਜੱਸਲ) : ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫ਼ਸਲ ਦੀ ਖ਼ਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 6 ਲੱਖ 84 ਹਜ਼ਾਰ 774 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 6 ਲੱਖ 29 ਹਜ਼ਾਰ 786 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ ਮੰਡੀਆਂ ’ਚੋਂ 5 ਲੱਖ 90 ਹਜ਼ਾਰ 918 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਖ਼ਰੀਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਕੀਤੀ ਗਈ ਫ਼ਸਲ ’ਚੋਂ ਪਨਗਰੇਨ ਵੱਲੋਂ 2 ਲੱਖ 13 ਹਜ਼ਾਰ 219 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1 ਲੱਖ 81 ਹਜ਼ਾਰ 340 ਮੀਟ੍ਰਿਕ ਟਨ, ਪਨਸਪ ਵੱਲੋਂ 1 ਲੱਖ 58 ਹਜ਼ਾਰ 652 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 76 ਹਜ਼ਾਰ 575 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ 1366 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੀ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਅਤੇ ਬਾਰਦਾਨੇ ਦੀ ਉੁਚਿਤ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
 


author

Babita

Content Editor

Related News