ਝੋਨੇ ਦੀ ਖਰੀਦ ਨਾ ਕੀਤੇ ਜਾਣ ਕਾਰਨ ਦੁਖੀ ਕਿਸਾਨ ਨੇ ਟਾਵਰ ’ਤੇ ਚੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ

11/15/2023 4:24:01 PM

ਮਹਿਲ ਕਲਾਂ (ਹਮੀਦੀ, ਸਿੰਗਲਾ) : ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਖਰੀਦ ਕੇਂਦਰ ਪਿੰਡ ਸਹਿਜੜਾ ਵਿਖੇ ਆਪਣੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਨੂੰ ਵੇਚਣ ਲਈ ਬੈਠੇ ਕਿਸਾਨ ਮੇਜਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਸਹਿਜੜਾ ਨੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਾ ਕੀਤੇ ਜਾਣ ਕਾਰਨ ਅੱਕੇ ਹੋਏ ਕਿਸਾਨ ਨੇ ਜਿੱਥੇ ਟਾਵਰ ’ਤੇ ਚੜ੍ਹ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ, ਉਥੇ ਪਿੰਡ ਦੇ ਹੋਰ ਕਿਸਾਨਾਂ ਵੱਲੋਂ ਵੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਝੋਨੇ ਦੀ ਖਰੀਦ ਸਹੀ ਢੰਗ ਨਾਲ ਕਰਨ ਦੀ ਮੰਗ ਕੀਤੀ।

ਇਸ ਮੌਕੇ ਪੀੜਤ ਕਿਸਾਨ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਂ ਆਪਣੇ ਝੋਨੇ ਦੀ ਫਸਲ ਵੇਚਣ ਲਈ ਪਿਛਲੇ 20 ਦਿਨਾਂ ਤੋਂ ਮੰਡੀ ’ਚ ਲਈ ਬੈਠਾ ਹਾਂ ਪਰ ਖਰੀਦ ਏਜੰਸੀਆਂ ਵੱਲੋਂ ਨਵੀਂ ਵੱਧ ਦੱਸ ਕੇ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਕਰ ਕੇ ਅੱਜ ਮੈਂ ਦੁਖੀ ਹੋ ਕੇ ਮੰਡੀ ਦੇ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਕਰਨ ਲਈ ਅਧਿਕਾਰੀਆਂ ਨੂੰ ਵਾਰ-ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਜਦੋਂ ਤੱਕ ਅਧਿਕਾਰੀਆਂ ਵੱਲੋਂ ਮੰਡੀ ’ਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਕੀਤੀ ਜਾਂਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਅਤੇ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਪਿਛਲੇ 70 ਸਾਲਾਂ ’ਚ ਇਸ ਵਾਰ ਪਹਿਲੀ ਵਾਰ ਹੋਇਆ ਕਿ ਮੰਡੀਆਂ ’ਚ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਤਿੰਨ-ਤਿੰਨ ਵਾਰ ਪੱਖਾ ਲਾਉਣ ਦੇ ਬਾਵਜੂਦ ਵੀ ਖਰੀਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਆਪਣੀ ਫਸਲ ਪਿੰਡ ਸਹਿਜੜਾ ਮੰਡੀ ’ਚੋਂ ਚੁੱਕ ਕੇ ਬਾਹਰਲੀਆਂ ਮੰਡੀਆਂ ’ਚ ਵੇਚਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲ ਕੇ ਮੰਗ-ਪੱਤਰ ਦੇ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀ ਸਹਿਜੜਾ ਵਿਖੇ ਇਕ ਟੀਮ ਭੇਜ ਕੇ ਕਿਸਾਨਾਂ ਅਤੇ ਸ਼ੈਲਰ ਮਾਲਕਾਂ ਵਿਚਾਲੇ ਰੇੜਕੇ ਨੂੰ ਖਤਮ ਕਰ ਕੇ ਸਹੀ ਢੰਗ ਨਾਲ ਖਰੀਦ ਕਰਨ ਦਾ ਵਿਸ਼ਵਾਸ ਦਵਾਇਆ ਗਿਆ ਸੀ ਪਰ ਉਸ ਤੋਂ ਬਾਅਦ ਦੁਬਾਰਾ ਫਿਰ ’ਚ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਇੰਸਪੈਕਟਰ ਹਰਦੀਪ ਸਿੰਘ ਬਰਨਾਲਾ ਨੇ ਕਿਹਾ ਕਿ ਬਰਸਾਤ ਦੇ ਪੈਣ ਅਤੇ ਫਸਲ ਦੇ ਲੇਟ ਆਉਣ ਕਾਰਨ ਝੋਨੇ ਦੀ ਨਵੀਂ ਵਿੱਚ ਵਾਧਾ ਹੋਣ ਕਰਕੇ ਇਹ ਸਮੱਸਿਆ ਆਈ ਹੈ ਇਸ ਸਮੱਸਿਆ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ ਇਸ ਮੌਕੇ ਥਾਣਾ ਮਹਿਲ ਕਲਾਂ ਦੇ ਐਸ ਆਈ ਗੁਰਪਾਲ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ।ਇਸ ਮੌਕੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ ਰਾਜਵੀਰ ਸਿੰਘ ਧੂਰੀ, ਕਿਸਾਨ ਆਗੂ ਗੁਰਪ੍ਰੀਤ ਸਿੰਘ ਸਹਿਜੜਾ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ। ਖਬਰ ਲਿਖੇ ਜਾਣ ਤੱਕ ਕਿਸਾਨ ਮੇਜਰ ਸਿੰਘ ਦਾ ਰੋਸ ਪ੍ਰਦਰਸ਼ਨ ਜਾਰੀ ਸੀ।

Gurminder Singh

This news is Content Editor Gurminder Singh