ਝੋਨੇ ਦੀ ਨਾੜ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ, ਹੋਵੇਗੀ ਸਖਤ ਕਾਰਵਾਈ

09/18/2017 6:23:18 PM

ਲੁਧਿਆਣਾ(ਹਿਤੇਸ਼)— ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਲੁਧਿਆਣਾ ਵੱਲੋਂ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲਾ ਪੱਧਰੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਝੋਨੇ ਦੀ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾੜ ਨੂੰ ਸਾੜਨ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ, ਅਜਿਹਾ ਕਰਨ ਵਾਲੇ ਕਿਸਾਨਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ. ਜੀ. ਐੱਸ. ਗਿੱਲ ਅਤੇ ਸ. ਅਵਤਾਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲੇ ਅੰਦਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ 4 ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਅੰਦਰ ਬਕਾਇਦਾ ਆਡੀਓ ਕੈਸਟ ਅਤੇ ਪੋਸਟਰਾਂ ਰਾਹੀਂ ਦੂਰ-ਦੂਰਾਡੇ ਪਿੰਡਾਂ ਅਤੇ ਸੱਥਾਂ ਤੱਕ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 2 ਏਕੜ ਤੱਕ ਦੇ ਜ਼ਮੀਨ ਮਾਲਕ ਨੂੰ ਇਕ ਵਾਰ ਅੱਗ ਲਗਾਉਣ 'ਤੇ 2500 ਰੁਪਏ, 2 ਏਕੜ ਤੋਂ 5 ਏਕੜ ਤੱਕ ਦੇ ਕਿਸਾਨ ਨੂੰ ਇਕ ਵਾਰ ਅੱਗ ਲਗਾਉਣ 'ਤੇ 5000 ਰੁਪਏ ਅਤੇ 5 ਏਕੜ ਤੋਂ ਉਪਰ ਵਾਲੇ ਕਿਸਾਨਾਂ ਨੂੰ ਇਕ ਵਾਰ ਅੱਗ ਲਗਾਉਣ 'ਤੇ 15000 ਰੁਪਏ ਦਾ ਜੁਰਮਾਨਾ ਬਤੌਰ ਵਾਤਾਵਰਣ ਦੂਸ਼ਿਤ ਕਰਨ ਦੀ ਭਰਪਾਈ ਲਈ ਅਦਾ ਕਰਨਾ ਪਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਫਤਰ ਦਾ ਸਮੂਹ ਸਟਾਫ ਵੀ ਹਾਜ਼ਰ ਸੀ।


Related News