ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
Wednesday, Sep 30, 2026 - 04:11 PM (IST)
ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਕਿਸਾਨਾਂ ਦੀ ਭਲਾਈ ਅਤੇ ਸੁਚੱਜੀ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ 127 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਸਬੰਧਿਤਾਂ ਦੀ ਸਹੂਲਤ ਲਈ ਮੰਡੀਆਂ 'ਚ ਬਿਜਲੀ, ਛਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਕੀਤੀ ਜਾਵੇ, ਤਾਂ ਜੋ ਕੱਟੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਸੀਮਾ ਤੋਂ ਵੱਧ ਨਾ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿੱਚ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜੋ ਖ਼ਰੀਦ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਾਹਮਣੇ ਆਉਣ ਵਾਲੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਮਿਹਨਤ ਦੀ ਪੂਰੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਜਾਂ ਹੋਰ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦੇ ਇਨ ਸੀਟੂ ਜਾਂ ਐਕਸ ਸੀਟੂ ਮੈਨੇਜਮੈਂਟ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਦਾ ਸੁਚੱਜਾ ਪ੍ਰਬੰਧਨ/ ਨਿਪਟਾਰਾ ਕੀਤਾ ਜਾਵੇ।
