ਪੰਜਾਬ ਦੇ 7 ਜ਼ਿਲ੍ਹਿਆਂ 'ਚ ਝੋਨੇ ਦੀ ਲਵਾਈ ਅੱਜ ਤੋਂ, ਸਰਕਾਰ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦਾ ਦਾਅਵਾ

Friday, Jun 16, 2023 - 11:38 AM (IST)

ਪੰਜਾਬ ਦੇ 7 ਜ਼ਿਲ੍ਹਿਆਂ 'ਚ ਝੋਨੇ ਦੀ ਲਵਾਈ ਅੱਜ ਤੋਂ, ਸਰਕਾਰ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦਾ ਦਾਅਵਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿਚ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲਵਾਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿਚ ਇਹ ਲਵਾਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਐੱਸ.ਬੀ.ਐੱਸ. ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐੱਸ.ਏ.ਐੱਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿਚ ਝੋਨੇ ਦੀ ਲਵਾਈ 21 ਜੂਨ ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੇ ਕੱਢਿਆ PRTC ਦਾ ਕਚੂੰਮਰ, ਜਾਣੋ ਆਮਦਨ ਤੇ ਖ਼ਰਚੇ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ।

ਇਹ ਵੀ ਪੜ੍ਹੋ : ਇਹ ਵੀ ਪੜ੍ਹੋ : IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News