ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ

Tuesday, Sep 29, 2026 - 06:26 PM (IST)

ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤਾਂ ਜੋ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (CCL) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣੇਗੀ।

ਮੰਤਰੀ ਨੇ ਦੱਸਿਆ ਕਿ ਮੰਡੀਆਂ 'ਚ ਭਰਾਈ ਲਈ 5 ਲੱਖ ਬਾਰਦਾਨਾ ਪਹੁੰਚ ਚੁੱਕਾ ਹੈ। ਸਰਕਾਰ ਨੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਥਿਆ ਹੈ। ਕਿਸਾਨਾਂ ਤੋਂ ਝੋਨਾ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾਵੇਗਾ। ਸੂਬੇ ਭਰ 'ਚ 1887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ।

ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਦਾਣਾ ਪੰਜਾਬ ਦੀਆਂ ਮੰਡੀਆਂ 'ਚ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਉਹ ਖੁਦ ਅਤੇ ਸਾਰੇ ਮੰਤਰੀ ਤੇ ਵਿਧਾਇਕ ਮੰਡੀਆਂ ਦਾ ਦੌਰਾ ਕਰਨਗੇ।


author

Shivani Bassan

Content Editor

Related News