ਪੰਜਾਬ ''ਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ

Tuesday, Oct 01, 2019 - 09:50 AM (IST)

ਪੰਜਾਬ ''ਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ

ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਸਾਰੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਇੱਥੇ ਜਾਰੀ ਬਿਆਨ ਵਿੱਚ ਆਸ਼ੂ ਨੇ ਕਿਹਾ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਹਰ ਤਰਾਂ ਦੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੂਬੇ ਭਰ 'ਚ 1734 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਇਨਾਂ ਕੇਂਦਰਾਂ ਦੀ ਖ਼ਰੀਦ ਏਜੰਸੀਆਂ ਨੂੰ ਵੰਡ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਾਰੀ ਕੀਤੀ ਗਈ ਝੋਨੇ ਸਬੰਧੀ ਪਾਲਿਸੀ ਅਧੀਨ ਬਹੁਤ ਸਾਰੀਆਂ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਤਹਿਤ ਜੀ. ਪੀ. ਐਸ. ਮੈਪਿੰਗ ਦੀ ਵਰਤੋਂ ਕਰਦੇ ਹੋਏ ਮੰਡੀਆਂ ਨੂੰ ਮਿੱਲਾਂ ਨਾਲ ਜੋੜਿਆ ਗਿਆ ਹੈ ਤਾਂ ਜੋ ਕੋਈ ਵਾਧੂ ਭਾੜਾ ਨਾ ਵਸੂਲ ਸਕੇ ਅਤੇ ਗੜਬੜੀਆਂ ਨੂੰ ਠੱਲ ਪਾਈ ਜਾ ਸਕੇ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਲੋੜੀਂਦੀ ਕੈਸ਼ ਕ੍ਰੈਡਿਟ ਲਿਮਟ (ਸੀ. ਸੀ. ਐਲ.) ਦਾ ਪ੍ਰਬੰਧ ਮੰਡੀ ਵਿੱਚ ਝੋਨੇ ਦੀ ਆਮਦ ਤੋਂ ਪਹਿਲਾਂ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਰਿਪੋਰਟ ਮੁਤਾਬਕ ਸਾਉਣੀ ਸੀਜ਼ਨ ਦੌਰਾਨ ਸੂਬੇ 'ਚ 29.20 ਲੱਖ ਹੈਕਟੇਅਰ ਰਕਬਾ 'ਤੇ ਝੋਨਾ ਬੀਜਿਆ ਗਿਆ ਹੈ ਅਤੇ ਇਸ ਵਾਰ ਮੰਡੀਆਂ 'ਚ 1.65 ਲੱਖ ਮੀਟਰਕ ਟਨ ਝੋਨੇ ਦੀ ਆਮਦ ਦੱਸੀ ਗਈ ਹੈ। ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਟੀਚਿਆਂ ਵਿਰੁੱਧ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ 170 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖੱਜਲ-ਖੁਆਰੀ ਮੁਕਤ ਤੇ ਨਿਰਵਿਘਨ ਖ਼ਰੀਦ ਦੇ ਨਾਲ-ਨਾਲ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।


author

Babita

Content Editor

Related News