ਜ਼ਿਲੇ ''ਚ 5269 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ : ਡੀ. ਸੀ.

Tuesday, Oct 03, 2017 - 12:38 PM (IST)

ਜ਼ਿਲੇ ''ਚ 5269 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ : ਡੀ. ਸੀ.

ਕਪੂਰਥਲਾ(ਮਲਹੋਤਰਾ)— ਜ਼ਿਲੇ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਵੱਖ-ਵੱਖ ਮੰਡੀਆਂ 'ਚ ਖਰੀਦ ਏਜੰਸੀਆਂ ਵੱਲੋਂ ਹੁਣ ਤਕ 5269 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ ਨੇ ਦੱਸਿਆ ਕਿ ਹੁਣ ਤਕ ਪਨਗਰੇਨ ਵੱਲੋਂ 2405 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1951 ਮੀਟ੍ਰਿਕ ਟਨ, ਪਨਸਪ ਵੱਲੋਂ 248 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 665 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਤਈਅਬ ਨੇ ਦੱਸਿਆ ਕਿ ਕਪੂਰਥਲਾ ਜ਼ਿਲੇ ਵਿਚ ਇਸ ਵਾਰ 828869 ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਾਸਤੇ 43 ਖਰੀਦ ਕੇਂਦਰ ਬਣਾਏ ਗਏ ਹਨ, ਜਦਕਿ ਪਿਛਲੇ ਸਾਲ 753517 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ 'ਚ ਝੋਨੇ ਦੀ ਖਰੀਦ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 
ਉਨ੍ਹਾਂ ਨੇ ਦੱਸਿਆ ਕਿ ਮੰਡੀਆਂ 'ਚ ਬਾਰਦਾਨੇ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਬਿਜਲੀ, ਪੀਣ ਵਾਲੇ ਪਾਣੀ, ਸ਼ੈੱਡਾਂ ਆਦਿ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਪਲੱਸ ਝੋਨੇ ਨੂੰ ਸਟੋਰ ਕਰਨ ਲਈ ਵੀ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ 'ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਖਰੀਦ ਸਬੰਧੀ ਸਰਕਾਰ ਵੱਲੋਂ ਨਿਰਧਾਰਿਤ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਝੋਨਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਆਪਣਾ ਝੋਨਾ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ।


Related News