ਲੁਧਿਆਣਾ ਪ੍ਰਸ਼ਾਸਨ ਨੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਖਿੱਚੀ ਤਿਆਰੀ, ਡੀ. ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Thursday, Aug 19, 2021 - 03:37 PM (IST)
ਲੁਧਿਆਣਾ : ਆਉਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਵਿੱਚ ਝੋਨੇ ਦਾ ਇੱਕ-ਇੱਕ ਦਾਣਾ ਮੰਡੀ ਵਿੱਚੋਂ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਇਆ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਾਉਣੀ ਸੀਜ਼ਨ 2021-22 ਲਈ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਭਗ 2.47 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ 19 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 107 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸ਼ਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਅਸਥਾਈ ਯਾਰਡ ਵੀ ਸਥਾਪਿਤ ਕੀਤੇ ਜਾਣਗੇ। ਸ਼ਰਮਾ ਨੇ ਸਾਰੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਜ਼ਿਲ੍ਹੇ ਭਰ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ, ਤਾਂ ਜੋ ਖਰੀਦ ਦੇ ਉਨ੍ਹਾਂ ਦੇ ਨਿਰਧਾਰਿਤ ਹਿੱਸੇ ਦੇ ਅਨੁਸਾਰ ਝੋਨੇ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਦੀ ਵਿਕਰੀ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।