ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ

Thursday, Jun 05, 2025 - 11:32 AM (IST)

ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹੇ ’ਚ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਆਪਣੇ ਖੇਤਾਂ ’ਚ ਫਸਲ ਬੀਜਣ ’ਚ ਰੁੱਝੇ ਹੋਏ ਹਨ। ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਨਹਿਰੀ ਪਾਣੀ ਮਿਲ ਰਿਹਾ ਹੈ, ਜੋ ਫਸਲ ਲਈ ਬਹੁਤ ਫ਼ਾਇਦੇਮੰਦ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਹੁਣ ਜੇਕਰ 8 ਘੰਟੇ ਬਾਅਦ ਬਿਜਲੀ ਸਪਲਾਈ ਬੰਦ ਹੋ ਜਾਵੇ ਤਾਂ ਵੀ ਉਨ੍ਹਾਂ ਨੂੰ ਪਾਣੀ ਦੀ ਕੋਈ ਕਮੀ ਮਹਿਸੂਸ ਨਹੀਂ ਹੁੰਦੀ ਅਤੇ ਨਹਿਰਾਂ ਰਾਹੀਂ ਉਨ੍ਹਾਂ ਨੂੰ ਪਾਣੀ ਮਿਲਦਾ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਨਹਿਰਾਂ ਨੂੰ ਪੱਕਾ ਕੀਤਾ ਗਿਆ ਹੈ, ਉੱਥੇ ਹੀ ਕਿਸਾਨਾਂ ਨੂੰ ਪਾਣੀ ਦੀ ਵੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਵੱਲੋਂ ਨਹਿਰਾਂ ਤੋਂ ਛੋਟੇ ਮਾਈਨਰਾਂ ’ਚ ਪਾਣੀ ਛੱਡਿਆ ਜਾਂਦਾ ਹੈ, ਜੋ ਅੱਗੇ ਕੱਸੀਆਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਦਾ ਹੈ। ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਵਾਰੀ ਆਉਣ ’ਤੇ ਆਪਣੀਆਂ ਫ਼ਸਲਾਂ ਦੀ ਸਿੰਜਾਈ ਕਰਦੇ ਹਨ ਅਤੇ ਇਸ ਵਾਰ ਉਨ੍ਹਾਂ ਨੂੰ ਪਾਣੀ ਦਾ ਕੋਈ ਸੰਕਟ ਮਹਿਸੂਸ ਨਹੀਂ ਹੋ ਰਿਹਾ।

ਕਿਸਾਨਾਂ ਨੇ ਕਿਹਾ ਕਿ ਇਸ ਪਾਣੀ ਨਾਲ ਪਾਣੀ ਦਾ ਪੱਧਰ ਵਧੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਵੀ ਬਹੁਤ ਵਧੀਆ ਹੋਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਮਿਲਣ ’ਤੇ ਉਹ ਬਹੁਤ ਖੁਸ਼ ਹਨ। ਇਸ ਸਮੇਂ ਪਿੱਛੇ ਤੋਂ ਥੋੜ੍ਹਾ-ਥੋੜ੍ਹਾ ਕਰ ਕੇ ਪਾਣੀ ਛੱਡਿਆ ਜਾ ਰਿਹਾ ਹੈ, ਜੋ ਅਗਲੇ ਦੋ-ਤਿੰਨ ਦਿਨਾਂ ’ਚ ਨਹਿਰਾਂ ’ਚ ਪੂਰੀ ਤਰ੍ਹਾਂ ਆ ਜਾਵੇਗਾ ਅਤੇ ਇਸ ਵਾਰ ਕਿਸਾਨ ਸਰਕਾਰ ਦੀ ਇਸ ਨੀਤੀ ਤੋਂ ਬਹੁਤ ਖੁਸ਼ ਹਨ।


author

Babita

Content Editor

Related News