ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ''ਚ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ

Wednesday, May 24, 2023 - 02:23 PM (IST)

ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ''ਚ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ

ਗੁਰਦਾਸਪੁਰ (ਵਿਨੋਦ) : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ 'ਚ ਵੰਡਿਆ ਹੈ, ਜਿਸ ਤਹਿਤ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਹਿਲੇ ਪੜਾਅ 'ਚ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ 'ਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਦੂਜੇ ਪੜਾਅ 'ਚ 16 ਜੂਨ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਬਾਕੀ ਹਿੱਸਿਆਂ 'ਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ 'ਚ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਿਸਾਨਾਂ ਲਈ ਇਹ ਮੁਨਾਸਬ ਮੌਕਾ ਹੈ ਕਿ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਾਤਾਤਵਰਣ ਪੱਖੀ ਅਤੇ ਆਰਥਿਕ ਤੌਰ ’ਤੇ ਵਿਵਹਾਰਕ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ 'ਤੇ ਅਪਣਾਇਆ ਜਾਵੇ, ਜੋ ਕਿ ਧਰਤੀ ਹੇਠਲੇ ਪਾਣੀ ਨੂੰ 15-20 ਫ਼ੀਸਦੀ ਤੱਕ ਬਚਾਉਣ ਦੇ ਨਾਲ-ਨਾਲ 10-15 ਫ਼ੀਸਦੀ ਤੱਕ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ’ਚ ਵੀ ਸਹਾਈ ਹੋਵੇਗਾ।

ਇਸ ਤੋਂ ਇਲਾਵਾ ਮਜ਼ਦੂਰੀ ਸਮੇਤ ਖ਼ਰਚਾ ਲਾਗਤ ’ਤੇ 3000 ਪ੍ਰਤੀ ਏਕੜ ਦੀ ਬੱਚਤ ਵੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡੀ. ਐੱਸ. ਆਰ. ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀ. ਆਰ. ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿੱਥੀਆਂ ਤਾਰੀਖ਼ਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ।  
 


author

Babita

Content Editor

Related News