ਝੋਨੇ ਤੇ ਨਰਮੇ ਦੇ ਮੰਡੀਕਰਨ ''ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਰਾਜਪਾਲ ਸਿੰਘ

Wednesday, Oct 11, 2017 - 09:58 AM (IST)

ਝੋਨੇ ਤੇ ਨਰਮੇ ਦੇ ਮੰਡੀਕਰਨ ''ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਰਾਜਪਾਲ ਸਿੰਘ


ਸ੍ਰੀ ਮੁਕਤਸਰ ਸਾਹਿਬ (ਪਵਨ, ਦਰਦੀ, ਖੁਰਾਣਾ)- ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਪਾਲ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਕਿਸਾਨ ਜਥੇਬੰਦੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਪਹਿਲ ਦੇ ਆਧਾਰ 'ਤੇ ਕੀਤੀਆਂ ਜਾਣਗੀਆਂ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਸਮਾਂ-ਬੱਧ ਨਿਪਟਾਰਾ ਕੀਤਾ ਜਾ ਸਕੇ। 
ਮੰਡੀਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਸਬੰਧੀ ਸਾਰੀਆਂ ਖਰੀਦ ਏਜੰਸੀਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਵੀ ਮੰਡੀਆਂ ਵਿਚ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਇਸੇ ਤਰ੍ਹਾਂ ਨਰਮੇ ਦੀ ਖ਼ਰੀਦ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਨਰਮੇ ਦੀ ਤੁਲਾਈ ਵਿਚ ਵੱਟਾ ਲਾਉਂਦਾ ਹੈ ਤਾਂ ਤੁਰੰਤ ਇਸ ਦੀ ਸ਼ਿਕਾਇਤ ਮਾਰਕੀਟ ਕਮੇਟੀ ਦਫ਼ਤਰ ਵਿਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੰਡੀ ਵਿਚ ਨਰਮਾ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ 'ਤੇ ਵਿਕ ਰਿਹਾ ਹੈ।
ਅਨਾਜ ਮੰਡੀ ਵਿਚ ਰੇਤਾ-ਬੱਜਰੀ ਦੀਆਂ ਦੁਕਾਨਾਂ ਦੇ ਮੁੱਦੇ 'ਤੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਸਕੱਤਰ ਮਾਰਕੀਟ ਕਮੇਟੀ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ। ਇਸ ਮੌਕੇ ਝੋਨੇ ਦੀ ਪਰਾਲੀ ਦੇ ਨਿਪਟਾਰੇ ਸਬੰਧੀ ਵੀ ਚਰਚਾ ਕੀਤੀ ਗਈ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਦ ਕੋਈ ਕਿਸਾਨ ਉਨ੍ਹਾਂ ਦੇ ਦਫ਼ਤਰ ਵਿਖੇ ਮੁਸ਼ਕਿਲ ਲੈ ਕੇ ਆਵੇ ਤਾਂ ਪਹਿਲ ਦੇ ਆਧਾਰ 'ਤੇ ਉਸ ਦੀ ਮੁਸ਼ਕਿਲ ਦਾ ਹੱਲ ਕੀਤਾ ਜਾਵੇ। 
ਬੈਠਕ 'ਚ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਇਕਬਾਲ ਸਿੰਘ ਗਿੱਲ, ਮਨਜੀਤ ਸਿੰਘ ਭੰਡਾਰੀ, ਨਾਇਬ ਤਹਿਸੀਲਦਾਰ ਚਰਨਜੀਤ ਸਿੰਘ, ਜ਼ਿਲਾ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ, ਐੱਸ. ਡੀ. ਓ. ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ ਆਦਿ ਹਾਜ਼ਰ ਸਨ।


Related News