ਪਾਕਿ ਹਾਈ ਕਮਿਸ਼ਨ ਨੂੰ ਮਿਲਿਆ ਡੀ. ਐੱਸ. ਜੀ. ਐੱਮ. ਸੀ. ਦਾ ਵਫ਼ਦ
Wednesday, Jun 12, 2019 - 05:22 PM (IST)
ਨਵੀਂ ਦਿੱਲੀ/ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਮਿਲਿਆ। ਹਾਈ ਕਮਿਸ਼ਨ ਅਧਿਕਾਰੀ ਸਈਅਦ ਹੈਦਰ ਸ਼ਾਹ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਸਾਂਝੇ ਤੌਰ 'ਤੇ ਇਕ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਦਿੱਲੀ ਤੋਂ ਆਰੰਭ ਕਰਵਾ ਰਹੀ ਹੈ, ਜੋ ਪੰਜਾਬ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਅਤੇ ਹੋਰ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਤੱਕ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 2 ਨਵੰਬਰ ਤੋਂ 5 ਨਵੰਬਰ ਤੱਕ ਚੱਲੇਗਾ।
ਦਿੱਲੀ ਕਮੇਟੀ ਪ੍ਰਧਾਨ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ ਕਿ ਦੋਹਾਂ ਮੁਲਕਾਂ ਵਿਚ ਤਣਾਓ ਦੀ ਸਥਿਤੀ ਦੇ ਬਾਵਜੂਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਨਗਰ ਕੀਰਤਨ ਲਈ ਬਹੁਤ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਤਿਆਰ ਕਰਨ ਲਈ ਵੀ ਅਸੀਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਅਤਿ ਧੰਨਵਾਦੀ ਹਾਂ।