ਪਾਕਿ ਨੇ ਕਈ ਵੀਜ਼ੇ ਕੀਤੇ ਰੱਦ, 1,227 ਸ਼ਰਧਾਲੂ ਹੀ ਜਾਣਗੇ ਨਨਕਾਣਾ ਸਾਹਿਬ

11/20/2018 11:14:11 AM

ਅੰਮ੍ਰਿਤਸਰ, (ਦੀਪਕ/ ਸੁਮਿਤ)— ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 1227 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡੀ ਗਿਣਤੀ 'ਚ ਵੀਜ਼ੇ ਰੱਦ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਜ਼ਿਆਦਤੀ ਕਰਾਰ ਦਿੱਤਾ ਹੈ।ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ ਪਰ ਇਨ੍ਹਾਂ 'ਚੋਂ 403 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ।ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਵੀਜ਼ੇ ਰੱਦ ਹੋਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣੇ ਚਾਹੀਦੇ ਸਨ।ਜਥੇ ਦੀ ਰਵਾਨਗੀ ਬਾਰੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫਤਰ ਤੋਂ ਸ਼ਰਧਾਲੂਆਂ ਦਾ ਇਹ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ ਜੋ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਨਵੰਬਰ ਨੂੰ ਦੇਸ਼ ਵਾਪਸ ਪਰਤ ਆਵੇਗਾ।ਮੁੱਖ ਸਕੱਤਰ ਨੇ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰਨ। ਡਾ. ਰੂਪ ਸਿੰਘ ਅਨੁਸਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।