ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਦਲੇ ਪਾਕਿ ਨੇ ਹੁਣ ਮੰਗਿਆ ਅਜਮੇਰ ਸ਼ਰੀਫ ਦਾ ਲਾਂਘਾ
Wednesday, Nov 13, 2019 - 11:45 PM (IST)
ਜਲੰਧਰ (ਨਰਿੰਦਰ ਮੋਹਨ)–ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਪਿੱਛੋਂ ਹੁਣ ਪਾਕਿਸਤਾਨ ਨੇ ਆਪਣੇ ਮੁਸਲਮਾਨਾਂ ਲਈ ਅਜਮੇਰ ਸ਼ਰੀਫ ਦੇ ਲਾਂਘੇ ਦੀ ਮੰਗ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮੰਤਰੀ ਸਈਦ ਸਰਦਾਰ ਅਲੀ ਸ਼ਾਹ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਦੇ ਮੁਸਲਮਾਨਾਂ ਲਈ ਅਜਮੇਰ ਸ਼ਰੀਫ ਦਾ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਮੇਰ ਸ਼ਰੀਫ ਪਾਕਿਸਤਾਨ ਦੇ ਮੁਸਲਮਾਨਾਂ ਲਈ ਵੀ ਪਵਿੱਤਰ ਦਰਗਾਹ ਹੈ। ਉਥੇ ਉਨ੍ਹਾਂ ਨੂੰ ਜਾਣ ਦੀ ਆਗਿਆ ਨਹੀਂ ਮਿਲਦੀ।
ਦੂਜੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਪਿੱਛੋਂ ਭਾਰਤੀ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ। ਪਾਕਿਸਤਾਨ ਸਰਕਾਰ ਵਲੋਂ ਸਿੱਖਾਂ ਪ੍ਰਤੀ ਵਿਖਾਈ ਜਾ ਰਹੀ ਖੁੱਲ੍ਹਦਿਲੀ ਨੂੰ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਬੇਹੱਦ ਗੰਭੀਰਤਾ ਨਾਲ ਵੇਖ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਾਰੇ ਘਟਨਾ ਚੱਕਰ ਨੂੰ ਪਾਕਿਸਤਾਨ ਦੀ ਚਾਲ ਕਰਾਰ ਦੇ ਚੁੱਕੇ ਹਨ। ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਮਰੀਕਾ ਤੋਂ ਆਏ ਸਿੱਖਾਂ ਨੇ ਖਾਲਿਸਤਾਨ ਦੇ ਝੰਡੇ ਫੜੇ ਹੋਏ ਸਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪ੍ਰਕਾਸ਼ ਪੁਰਬ ਸਮਾਰੋਹ ਤੋਂ ਬਾਅਦ ਦੇਸ਼-ਵਿਦੇਸ਼ ਦੇ ਸਿੱਖਾਂ ਦੀ ਖਾਲਿਸਤਾਨ ਨੂੰ ਲੈ ਕੇ ਇਕ ਬੈਠਕ ਹੋਵੇਗੀ।