ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ ਪੁੱਜਾ
Thursday, Oct 08, 2026 - 08:43 PM (IST)
ਅੰਮ੍ਰਿਤਸਰ (ਸਰਬਜੀਤ)- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਭਾਰਤ ਵਿਚ ਸਿੱਖ ਗੁਰਧਾਮਾਂ ਦੇ ਦਰਸ਼ਨ ਵਾਸਤੇ ਪਹੁੰਚਿਆ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਕਮੇਟੀ ਦੇ ਵਿਦੇਸ਼ ਮਾਮਲਿਆਂ ’ਤੇ ਸਲਾਹਦਾਰ ਪਰਮਜੀਤ ਸਿੰਘ ਚੰਢੋਕ ਨੇ ਜੱਥੇ ਦਾ ਨਿੱਘਾ ਸਵਾਗਤ ਕੀਤਾ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ੀ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਹੈ ਕਿ 49 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਭਾਰਤ ਪੁੱਜਾ ਹੈ ਜੋ ਇਥੇ ਗੁਰਧਾਮਾਂ ਦੇ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਜੱਥੇ ਵਿਚ ਭਾਰਤ ਵਿਚ ਰਹਿੰਦੇ ਸਿੱਖਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ ਜੋ ਕਰੀਬਨ 10 ਸਾਲਾਂ ਤੋਂ ਜ਼ਿਆਦਾ ਸਮੇਂ ਦੇ ਅਰਸੇ ਮਗਰੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ ਹਨ ਅਤੇ ਰਿਸ਼ਤਿਆਂ ਦਾ ਨਿੱਘ ਮਹਿਸੂਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੀ ਲੋਕ ਇਥੇ ਪਹੁੰਚ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਜੱਥਾ ਮੈਂਬਰਾਂ ਦੇ ਠਹਿਰਣ ਤੇ ਇਨ੍ਹਾਂ ਦੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਪੂਰੇ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜੱਥੇ ਦੇ ਮੈਂਬਰ ਜਿਥੇ ਦਿੱਲੀ ਵਿਚ ਗੁਰੂ ਘਰਾਂ ਦੇ ਦਰਸ਼ਨ ਕਰਨਗੇ, ਉਥੇ ਹੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਇਸ ਤਰੀਕੇ ਜੱਥੇ ਨੂੰ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਪ੍ਰਵਾਨਗੀ ਦਿੱਤੀ ਗਈ ਹੈ ਤੇ ਉਹ ਆਸ ਕਰਦੇ ਹਨ ਕਿ ਭਵਿੱਖ ਵਿਚ ਹੋਰ ਵੀ ਜੱਥੇ ਇਸੇ ਤਰੀਕੇ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕਰਨ ਵਾਸਤੇ ਆਇਆ ਕਰਨਗੇ। ਉਨ੍ਹਾਂ ਨੇ ਜੱਥੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਹਰ ਤਰੀਕੇ ਦੀ ਸਹੂਲਤ ਉਪਲਬਧ ਕਰਵਾਉਣ ਦਾ ਭਰੋਸਾ ਦੁਆਇਆ।
