ਧੱਲੇਕੇ ਦੀਆਂ ਸ਼ਾਮਲਾਟ ਜ਼ਮੀਨਾਂ ''ਤੇ ਕਬਜ਼ੇ ਰੋਕਣ ''ਚ ਪੰਚਾਇਤ ਵਿਭਾਗ ''ਫੇਲ''
Wednesday, Sep 13, 2017 - 01:18 AM (IST)
ਮੋਗਾ, (ਪਵਨ ਗਰੋਵਰ/ਗੋਪੀ ਰਾਊਕੇ)- ਜ਼ਿਲਾ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਜ਼ਿਲੇ ਭਰ ਦੇ ਕਿਸੇ ਵੀ ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਨਾ ਹੋਣ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਕਥਿਤ ਤੌਰ 'ਤੇ ਪਿੰਡ ਧੱਲੇਕੇ ਦੀਆਂ ਸ਼ਾਮਲਾਟ ਜ਼ਮੀਨਾਂ 'ਤੇ ਆਏ ਦਿਨ ਹੋਰ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਵਿਚ ਪੰਚਾਇਤ ਵਿਭਾਗ ਦੇ ਅਧਿਕਾਰੀ 'ਫੇਲ' ਹੋ ਕੇ ਰਹਿ ਗਏ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਿੰਡ ਵਾਸੀਆਂ ਨੇ ਇਸ ਮਾਮਲੇ 'ਤੇ ਵਾਰ-ਵਾਰ ਬਲਾਕ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਕੀਤੀਆਂ ਪਰ ਫਿਰ ਵੀ ਸ਼ਾਮਲਾਟ ਜ਼ਮੀਨਾਂ 'ਤੇ ਨਾਜਾਇਜ਼ ਉਸਾਰੀਆਂ ਜਾਰੀ ਹਨ। ਦੂਜੇ ਪਾਸੇ ਪਿੰਡ ਵਾਸੀਆਂ ਨੇ ਕਾਰਵਾਈ ਨਾ ਹੋਣ 'ਤੇ ਮਜਬੂਰੀਵੱਸ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੈ।
ਅੱਜ ਪੇਂਡੂ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਲਿਖ਼ਤੀ ਸ਼ਿਕਾਇਤ ਪੱਤਰ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਧੱਲੇਕੇ ਦੇ ਸਾਬਕਾ ਸਰਪੰਚ ਅਤੇ ਯੁਵਕ ਸੇਵਾਵਾਂ ਸਪੋਰਟਸ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ, ਦਰਸ਼ਨ ਸਿੰਘ ਤੇ ਗੁਰਜੀਤ ਸਿੰਘ (ਦੋਵੇਂ ਪੰਚ), ਮਨਜੀਤ ਸਿੰਘ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਚਰਨ ਸਿੰਘ, ਬਲਵੀਰ ਸਿੰਘ, ਗੁਰਨਾਮ ਸਿੰਘ ਅਤੇ ਜਗਰੂਪ ਸਿੰਘ ਆਦਿ ਨੇ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਹੋਣ ਕਰ ਕੇ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪਿੰਡ ਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਸਿਰਫ ਮਾੜੀ-ਮੋਟੀ ਕਾਰਵਾਈ ਹੁੰਦੀ ਹੈ ਪਰ ਬਾਅਦ 'ਚ ਕੋਈ ਵੀ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦਿੰਦਾ। ਉਨ੍ਹਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਸ਼ਾਮਲਾਟ ਜ਼ਮੀਨਾਂ 'ਤੇ ਹੋ ਰਹੇ ਕਬਜ਼ਿਆਂ ਨੂੰ ਰੋਕਿਆ ਜਾਵੇ।
ਇਸ ਬਾਰੇ ਜਦੋਂ ਬਲਾਕ ਪੰਚਾਇਤ ਅਤੇ ਵਿਕਾਸ ਅਫ਼ਸਰ ਮੋਗਾ ਦਵਿੰਦਰ ਕੌਰ ਨਾਲ ਇਸ ਮਾਮਲੇ 'ਤੇ ਪੱਖ ਜਾਣਨ ਲਈ ਵਾਰ-ਵਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ, ਜਿਸ ਕਾਰਨ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
