ਪੰਚਾਇਤੀ ਚੋਣਾਂ ਦੌਰਾਨ ਬੂਥ ਪੱਧਰ 'ਤੇ ਹੋਵੇ ਵੋਟਾਂ ਦੀ ਗਿਣਤੀ : ਅਕਾਲੀ ਦਲ
Wednesday, Dec 05, 2018 - 01:15 PM (IST)

ਚੰਡੀਗੜ੍ਹ : ਸੂਬੇ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਅਕਾਲੀ ਦਲ ਨੇ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ ਬੂਥ ਪੱਧਰ 'ਤੇ ਕਰਾਏ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਜੇਕਰ ਉਹ ਪੰਚਾਇਤੀ ਚੋਣਾਂ ਦੀ ਮੌਜੂਦਾ ਚੋਣ ਪ੍ਰਕਿਰਿਆ 'ਚ ਕੋਈ ਤਬਦੀਲੀ ਚਾਹੁੰਦੇ ਹਨ ਤਾਂ ਇਸ ਸਬੰਧੀ ਸਰਬ ਪਾਰਟੀ ਮੀਟਿੰਗ ਸੱਦ ਕੇ ਸਾਰਿਆਂ ਦੀ ਸਲਾਹ ਲਈ ਜਾਵੇ। ਸੂਬਾਈ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਭੇਜੀ ਇਕ ਚਿੱਠੀ ਰਾਹੀਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਬੂਥ ਪੱਧਰ 'ਤੇ ਵੋਟਾਂ ਦੀ ਗਿਣਤੀ ਕਰਨ ਦੀ ਕਵਾਇਤ ਖਤਮ ਕਰਨਾ ਚਾਹੁੰਦੀ ਹੈ, ਜੋ ਕਿ ਗੜਬੜ ਕਰਨ ਦੀ ਚਾਲ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਹੁੰਦਾ ਆ ਰਿਹਾ ਹੈ ਕਿ ਚੋਣ ਪ੍ਰਕਿਰਿਆ ਮੁਕੰਮਲ ਹੁੰਦਿਆਂ ਹੀ ਹਰ ਬੂਥ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਂਦੀ ਹੈ, ਜਿਸ ਪਿੱਛੋਂ ਉੱਥੇ ਹੀ ਨਤੀਜੇ ਐਲਾਨ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਭਰੋਸੇਯੋਗ ਬਣੀ ਰਹਿੰਦੀ ਹੈ।