ਪੰਚਾਇਤ ਸੰਮਤੀਆਂ ਦੇ ਚੇਅਰਮੈਨ ਤੇ ਵਾਇਸ ਚੇਅਰਮੈਨਾਂ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਾਮਜ਼ਦ
Friday, Feb 27, 2026 - 05:28 PM (IST)
ਪਟਿਆਲਾ (ਸੁਖਦੀਪ ਸਿੰਘ ਮਾਨ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨਾਂ ਦੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਪੰਜਾਬ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਬਲਾਕਾਂ ਲਈ ਉਪ ਮੰਡਲ ਮੈਜਿਸਟ੍ਰੇਟਾਂ (SDMs) ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਇਹ ਚੋਣਾਂ 2 ਮਾਰਚ 2026 ਨੂੰ ਕਰਵਾਈਆਂ ਜਾਣਗੀਆਂ।
ਨਾਭਾ, ਪਟਿਆਲਾ, ਸਮਾਣਾ, ਰਾਜਪੁਰਾ ਅਤੇ ਪਾਤੜਾਂ ਦੇ ਉਪ ਮੰਡਲ ਮੈਜਿਸਟ੍ਰੇਟ ਆਪਣੇ-ਆਪਣੇ ਅਧਿਕਾਰ ਖੇਤਰ ਦੀਆਂ ਪੰਚਾਇਤ ਸੰਮਤੀਆਂ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਅਤੇ ਚੋਣਾਂ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਨਤੀਜਿਆਂ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਕਾਪੀ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਮੇਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਅਤੇ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ।
