ਪਠਾਨਕੋਟ ਦੇ ਸੈਲੀ ਕੁੱਲੀਆਂ ਮੁਹੱਲੇ ''ਚ ਫੈਲੀ ਦਹਿਸ਼ਤ, ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘਰ ''ਤੇ ਕੀਤੀ ਫਾਇਰਿੰਗ
Wednesday, Dec 31, 2025 - 08:23 AM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਜਿੱਥੇ ਪਠਾਨਕੋਟ ਪੁਲਸ ਵਲੋਂ ਥਾਂ-ਥਾਂ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਈਂ ਨਾਕਾਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਨਵੇਂ ਸਾਲ 'ਤੇ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ ਪਰ ਇਸ ਦੇ ਬਾਵਜੂਦ ਪਠਾਨਕੋਟ ਦੇ ਸੈਲੀ ਰੋਡ 'ਤੇ ਪੈਂਦੇ ਸੈਲੀ ਕੁਲੀਆਂ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਮੁਹੱਲੇ ਦੇ ਵਿਚਕਾਰ ਇੱਕ ਘਰ 'ਤੇ ਫਾਇਰਿੰਗ ਕਰ ਦਿੱਤੀ। ਘਰ ਦੇ ਗੇਟ 'ਤੇ 3 ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਪੁਲਸ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰ ਸਸਪੈਂਡ
ਉਧਰ, ਇਸ ਹਮਲੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕੌਂਸਲਰ ਵਿਜੇ ਨੇ ਦੱਸਿਆ ਕਿ ਘਰ 'ਤੇ ਤਿੰਨ ਲੋਕਾਂ ਨੇ ਗੋਲੀਬਾਰੀ ਕੀਤੀ। ਤਿੰਨ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਇੱਕ ਮਿਹਨਤੀ ਪਰਿਵਾਰ ਹੈ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਦੇ ਬਾਵਜੂਦ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਵੱਖ-ਵੱਖ ਥਾਵਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
