ਬੰਟੀ ਰੋਮਾਣਾ ਦੀ CM ਮਾਨ ‘ਤੇ ਚੁਟਕੀ, ਕਿਹਾ-ਤੇਰਾ ਲਾਰਾ ਵੀ ਸ਼ਰਾਬੀਆਂ ਦੀ ਗੱਪ ਵਰਗਾ
Thursday, Jun 30, 2022 - 11:57 AM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ 7,275 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦੀ ਗੱਲ ਕਹੀ ਗਈ ਸੀ ਪਰ ਸਰਕਾਰ ਵੱਲੋਂ ਕੀਤੇ ਇਹ ਵਾਅਦੇ ਵਫਾ ਹੁੰਦੇ ਨਜ਼ਰ ਨਹੀਂ ਆ ਰਹੇ। ਦਾਅਵਿਆਂ ਤੋਂ ਬਿਲਕੁਲ ਉਲਟ ਪੰਜਾਬ ਦੀਆਂ ਮੰਡੀਆਂ 'ਚ ਮੂੰਗੀ ਦੀ 80 ਫੀਸਦੀ ਤੋਂ ਵੱਧ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ 'ਤੇ ਵਿਕ ਚੁੱਕੀ ਹੈ। ਜਿਸ ਦੇ ਚੱਲਦੇ ਮੂੰਗੀ ਦੀ ਚੋਣ ਕਰਨ ਵਾਲੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ ਤੋਂ ਨਾਖੁਸ਼ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪਾਕਿਸਤਾਨ ਤੋਂ ਆਏ ਡਰੋਨ ਜ਼ਰੀਏ ਸਾਢੇ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਤਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਮੂੰਗੀ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਵੱਲੋਂ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਹੋ ਰਿਹਾ ਹੈ ਅਤੇ ਅਸਲੀਅਤ ਇਹ ਹੈ ਕਿ 83 ਫੀਸਦੀ ਮੂੰਗੀ ਦੀ ਖ਼ਰੀਦ ਐੱਮ.ਐੱਸ.ਪੀ ਤੋਂ ਹੇਠਾਂ ਹੋਈ ਹੈ। ਇਸ ਦੇ ਨਾਲ ਹੀ ਰੋਮਾਣਾ ਨੇ ਮੁੱਖ ਮੰਤਰੀ ਮਾਨ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਦੇਖ ਕੇ ਗੁਰਦਾਸ ਮਾਨ ਸਾਹਿਬ ਦਾ ਗੀਤ ਯਾਦ ਆ ਗਿਆ ਕਿ 'ਤੇਰਾ ਲਾਰਾ ਵੀ ਸ਼ਰਾਬੀਆਂ ਦੀ ਗੱਪ ਵਰਗਾ' । ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਮਤੀ ਪਾਣੀ ਬਚਾਉਣ ਦੇ ਦਿੱਤੇ ਸੱਦੇ 'ਤੇ ਚੱਲਦਿਆਂ ਮੂੰਗੀ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ਼ 'ਤੇ ਖ਼ਰੀਦਣ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ ਸਰਕਾਰ ਹੋਰ ਵੀ ਕਈ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਕਰੇਗੀ। ਜਿਸ ਦੇ ਚੱਲਦਿਆਂ ਕਿਸਾਨਾਂ ਨੇ ਵੱਡੇ ਪੱਧਰ 'ਤੇ ਮੂੰਗੀ ਦੀ ਖੇਤੀ ਕਰਨ ਨੂੰ ਪਹਿਲ ਦਿੱਤੀ ਸੀ।
ਨੋਟ-ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।