ਦਿੱਲੀ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ 'ਚ 1500 ਸ਼ਰਧਾਲੂਆਂ ਨੂੰ ਮਿਲੇਗਾ ਵੀਜ਼ਾ: ਸਰਨਾ
Monday, Jul 08, 2019 - 05:41 PM (IST)
ਜਲੰਧਰ (ਚਾਵਲਾ) — ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ ਜਾਹੋ-ਜਲਾਲ ਦੇਖਣਯੋਗ ਹੋਵੇਗਾ, ਜਿਸ ਦੀ ਆਰੰਭਤਾ 28 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਹੋਵੇਗੀ। ਅੱਜ ਜਲੰਧਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਸ ਇਤਿਹਾਸਿਕ ਨਗਰ ਕੀਰਤਨ 'ਚ ਸਾਰਿਆਂ ਦੀ ਸ਼ਮੂਲੀਅਤ ਲਾਜ਼ਮੀ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚ ਕੀਤੀ ਗਈ, ਜਿਨ੍ਹਾਂ ਨੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸਹਿਮਤੀ ਪ੍ਰਗਟਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਵਿਸ਼ਵ ਭਰ 'ਚ ਪਹੁੰਚਾਉਣ ਲਈ ਸਾਰੀਆਂ ਧਾਰਮਿਕ ਸੰਸਥਾਵਾਂ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਸਭ ਫਿਰਕਿਆਂ ਦੇ ਸਾਂਝੇ ਰਹਿਬਰ ਹਨ, ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਲੋਕਾਈ ਦੇ ਲੇਖੇ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ 1500 ਵੀਜ਼ਿਆਂ ਦੀ ਪ੍ਰਵਾਨਗੀ ਮਿਲ ਗਈ ਹੈ। ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਹੋਰ ਵੀਜ਼ਿਆਂ ਦੀ ਪ੍ਰਵਾਨਗੀ ਲਈ ਕੋਸ਼ਿਸ਼ ਕੀਤੀ ਜਾਵੇਗੀ। ਸਰਨਾ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸੋਨ ਪਾਲਕੀ ਤਿਆਰ ਕੀਤੀ ਗਈ ਹੈ, ਜਿਸ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਗਰ ਕੀਰਤਨ ਦੇ ਇੰਤਜ਼ਾਮਾਂ 'ਚ ਹਰਿਆਣਾ ਸਰਕਾਰ ਨੇ ਸੰਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ ਅਤੇ ਪੰਜਾਬ ਦੀ ਕੈਪਟਨ ਸਰਕਾਰ ਕੋਲੋਂ ਵੀ ਇਹੀ ਉਮੀਦ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਨਗਰ ਕੀਰਤਨ ਤੋਂ ਪਹਿਲਾਂ ਹੋਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਸਮੇਤ ਸਮੁੱਚੀ ਕੈਬਨਿਟ ਨੂੰ ਸੱਦਾ ਦਿੱਤਾ ਗਿਆ ਹੈ। ਸਰਨਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੀ ਆਰੰਭਤਾ 28 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਹੋਵੇਗੀ। ਇਹ ਨਗਰ ਕੀਰਤਨ 29 ਨੂੰ ਲੁਧਿਆਣਾ, ਜਲੰਧਰ, ਕਪੂਰਥਲਾ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਵਿਸ਼ਰਾਮ ਕਰੇਗਾ। 30 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਵਿਸ਼ਰਾਮ ਕਰਨ ਉਪਰੰਤ 31 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਤੋਂ ਬਾਅਦ 6 ਨਵੰਬਰ ਨੂੰ ਵਤਨ ਵਾਪਸੀ ਹੋਵੇਗੀ। ਸਰਨਾ ਨੇ ਦੱਸਿਆ ਕਿ 1 ਅਤੇ 2 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸੱਜਣਗੇ, ਜਿਸ 'ਚ ਨਾਮਵਰ ਸ਼ਖਸੀਅਤਾਂ ਗੁਰੂ ਨਾਨਕ ਪਾਤਸ਼ਾਹ ਦਾ ਸੰਦੇਸ਼ ਦੇਣਗੀਆਂ।
ਇਸ ਦੌਰਾਨ ਸਿੱਖ ਸੇਵਕ ਸੋਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ ਨੇ ਪਾਕਿਸਤਾਨ ਗੁਰਧਾਮਾਂ ਦੀ ਕਾਰਸੇਵਾ ਲਈ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਇਤਿਹਾਸਿਕ ਕਾਰਜ ਕਰਾਰ ਦਿੰਦੇ ਕਿਹਾ ਕਿ ਅਸੀਂ ਭਾਰਤ-ਪਾਕਿ ਦੋਸਤੀ ਦੇ ਹੱਕ 'ਚ ਹਾਂ ਅਤੇ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤਹਿਤ ਨਫਰਤਾਂ ਘਟਾਉਣ 'ਚ ਕੌਮਾਂਤਰੀ ਪੱਧਰ 'ਤੇ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਜਦੋਂ ਜਲੰਧਰ 'ਚੋਂ ਲੰਘੇਗਾ, ਇਸ ਦੌਰਾਨ ਸੰਗਤਾਂ ਦੇ ਭਰਵੇਂ ਸਵਾਗਤ ਲਈ ਰੂਪ-ਰੇਖਾ ਤਿਆਰ ਕਰਨ ਲਈ ਜਲਦ ਹੀ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਖਾਲਸਾ ਨੇ ਪਰਮਜੀਤ ਸਿੰਘ ਸਰਨਾ ਨੂੰ ਮੈਡਲ ਅਤੇ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਜਦਕਿ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਇਹ ਸਰਨੇ ਦਾ ਇਤਿਹਾਸਕ ਕਦਮ ਹੈ ਅਤੇ ਸਾਨੂੰ ਭਾਰਤ-ਪਾਕਿ ਦੋਸਤੀ ਲਈ ਗੁਰੂ ਸਾਹਿਬ ਦੇ ਮਿਸ਼ਨ ਨੂੰ ਅੱਗੇ ਤੋਰਨਾ ਚਾਹੀਦਾ ਹੈ ਤਾਂ ਜੋ ਮਨੁੱਖਤਾ ਦੇ ਭਲੇ ਲਈ ਅੱਗੇ ਵਧਿਆ ਜਾਵੇ।
ਇਸ ਮੌਕੇ ਪ੍ਰੋਫੈਸਰ ਬਲਵਿੰਦਰਪਾਲ ਸਿੰਘ, ਮਨਜੀਤ ਸਿੰਘ ਗਤਕਾ ਮਾਸਟਰ, ਮਨਜੀਤ ਸਿੰਘ ਠੁਕਰਾਲ, ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪਰਦੇਸੀ, ਸੁਰਿੰਦਰ ਪਾਲ ਸਿੰਘ ਗੋਲਡੀ, ਮਨਜੀਤ ਸਿੰਘ ਸਰਨਾ, ਦਵਿੰਦਰ ਸਿੰਘ ਆਨੰਦ, ਅਮਰਜੀਤ ਸਿੰਘ ਆਨੰਦ, ਹਰਭਜਨ ਸਿੰਘ ਬੈਂਸ, ਮਹਿੰਦਰ ਸਿੰਘ ਚਮਕ, ਗਗਨਦੀਪ ਸਿੰਘ, ਹਰਜੀਤ ਸਿੰਘ ਬਾਵਾ, ਮੋਹਣ ਸਿੰਘ ਸਹਿਗਲ, ਚਰਨਕੰਵਲਜੀਤ ਸਿੰਘ ਹੈਪੀ, ਸੰਦੀਪ ਸਿੰਘ ਚਾਵਲਾ, ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ ਅੰਮ੍ਰਿਤ ਕੰਪਿਊਟਰ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਨੈਨਾ ਆਦਿ ਹਾਜ਼ਰ ਸਨ।ਇਸ ਮੌਕੇ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਦਿੱਲੀ ਤੋਂ 28 ਅਕਤੂਬਰ 2019 ਨੂੰ ਸ਼ੁਰੂ ਹੋਣ ਜਾ ਰਹੇ ਮਹਾ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸ਼੍ਰੀ ਵਿਜੇ ਚੋਪੜਾ ਜੀ ਨੂੰ ਵੀ ਸੱਦਾ ਪੱਤਰ ਦਿੱਤਾ।