ਜਦੋਂ ਵੀ ਕਿਤੇ ਸਿੱਖ ਹੱਕਾਂ ''ਤੇ ਡਾਕਾ ਵੱਜਦੈ, ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਆ ਹੈ : ਸਰਨਾ
Sunday, Dec 24, 2023 - 09:01 PM (IST)
ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਦੀ ਆਵਾਜ਼ ਹੈ। ਜਦੋਂ ਵੀ ਕਿਤੇ ਸਿੱਖ ਹੱਕਾਂ 'ਤੇ ਡਾਕਾ ਵੱਜਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਆ ਹੈ। ਭਾਰਤ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਤੌਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਆਪਣੀ ਜਿੰਮੇਵਾਰੀ ਸਮਝਦੇ ਹੋਏ ਇਕ ਵਫ਼ਦ ਸਮੇਤ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਗੁਰੂ ਨਾਨਕ ਪਾਤਸ਼ਾਹ ਨਾਲ ਸਬੰਧਿਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਜਿਸਨੂੰ 1984 ਵਿੱਚ ਭੀੜ ਵੱਲੋਂ ਢਾਹ ਦਿੱਤਾ ਗਿਆ ਸੀ, ਨੂੰ ਮੁੜ ਕਾਇਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਵੱਡੀ ਗਿਣਤੀ 'ਚ ਸਿੱਖ ਕਿਸਾਨ ਆਬਾਦੀ ਵਾਲੇ ਬਾਜ਼ਪੁਰ ਦੇ ਇਲਾਕੇ 'ਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਵੀ ਜਾਣੂ ਕਰਵਾਇਆ ਤੇ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਵੀ ਉਨ੍ਹਾਂ ਨੂੰ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਇਸ ਦੌਰਾਨ ਸੁਖਬੀਰ ਬਾਦਲ ਦੇ ਨਾਲ ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਅਕਾਲੀ ਦਲ ਆਗੂ ਹਾਜ਼ਰ ਸਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਬਾਦਲ ਨੂੰ ਇਸ ਉਪਰਾਲੇ ਲਈ ਵਧਾਈ ਦਾ ਪਾਤਰ ਦੱਸਿਆ। ਉਨ੍ਹਾਂ ਸੁਖਬੀਰ ਬਾਦਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਵਿਰਾਸਤ 'ਤੇ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਡਾ ਵੀ ਫਰਜ਼ ਬਣਦਾ ਹੈ ਕਿ ਸਾਰੇ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਈਏ, ਤਾਂ ਜੋ ਸਿੱਖਾਂ ਦੀ ਆਵਾਜ਼ ਨੂੰ ਨਾ ਸਿਰਫ਼ ਉਠਾਇਆ ਜਾਵੇ, ਸਗੋਂ ਉਨ੍ਹਾਂ ਦੇ ਢੁੱਕਵੇਂ ਹੱਲ ਵੀ ਕੱਢੇ ਜਾ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8