ਹੋਲੇ ਮਹੱਲੇ ਦੌਰਾਨ ਕਤਲ ਕੀਤੇ ਪ੍ਰਦੀਪ ਸਿੰਘ ਦਾ ਪਰਿਵਾਰ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ, ਕੀਤੀ ਇਹ ਮੰਗ

03/11/2023 12:08:05 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਹੋਲੇ ਮਹੱਲੇ ਦੌਰਾਨ ਕੁਝ ਸਿਰਫ਼ਿਰੇ ਨੌਜਵਾਨਾਂ ਵੱਲੋਂ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਤੇ ਕੈਨੇਡਾ ਵਾਸੀ ਨੌਜਵਾਨ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਇਥੇ ਉਨ੍ਹਾਂ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਮਿਲ ਕੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ, ਉਥੇ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮਿਲ ਕੇ ਆਪਣੇ ਪੁੱਤਰ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ।
ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਮ੍ਰਿਤਕ ਨੌਜਵਾਨ ਪ੍ਰਦੀਪ ਸਿੰਘ ਦੇ ਪਿਤਾ, ਤਾਇਆ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਅਜੇ ਸਿੰਘ ਨਾਲ ਮੁਲਾਕਾਤ ਕਰਕੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਤਾਏ ਗੁਰਦਿਆਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਦੀ ਹੁਣ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਲਾਸ਼ ਰੂਪਨਗਰ ਦੇ ਸਿਵਲ ਹਸਪਤਾਲ ਵਿਚ ਪਈ ਹੋਈ । ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਅਸੀਂ ਆਪਣੇ ਬੱਚੇ ਦਾ ਸਸਕਾਰ ਨਹੀਂ ਕਰਾਂਗੇ।

ਇਹ ਵੀ ਪੜ੍ਹੋ :  ਜਲੰਧਰ 'ਚ ਸ਼ਰਮਨਾਕ ਘਟਨਾ, ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਨੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

PunjabKesari

ਉਨ੍ਹਾਂ ਆਪਣੇ ਬੱਚੇ ਦੇ ਕਤਲ ਲਈ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ, ਉੱਥੇ ਹੀ ਉਨ੍ਹਾਂ ਮੌਕੇ ’ਤੇ ਖੜ੍ਹੇ ਵੱਡੀ ਗਿਣਤੀ ਨੌਜਵਾਨਾਂ ਨੂੰ ਵੀ ਇਸ ਕਤਲ ਲਈ ਜ਼ਿੰਮੇਵਾਰ ਗਰਦਾਨਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਵੀ ਮੁਲਾਕਾਤ ਕੀਤੀ ਅਤੇ ਖ਼ਾਲਸੇ ਦੀ ਜਨਮ ਭੂਮੀ ’ਤੇ ਸ਼ਹੀਦ ਹੋਏ ਆਪਣੇ ਬੱਚੇ ਨੂੰ ਕੌਮ ਦਾ ਸ਼ਹੀਦ ਐਲਾਨਨ ਦੀ ਮੰਗ ਕੀਤੀ।

ਕੀ ਕਹਿਣਾ ਹੈ ਭਾਈ ਚਾਵਲਾ ਦਾ-
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਿਲੇ ਸਨ ਅਤੇ ਅਸੀਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਕਰਕੇ ਕੋਈ ਯੋਗ ਫ਼ੈਸਲਾ ਲੈਣ ਦੀ ਅਪੀਲ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਪਰਿਵਾਰ ਦੇ ਮੈਂਬਰਾਂ ਵੱਲੋਂ 15 ਮਾਰਚ ਨੂੰ ਪਿੰਡ ਗਾਜੀਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਮ੍ਰਿਤਕ ਨੌਜਵਾਨ ਬਾਬਤ 16 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

PunjabKesari

ਇਹ ਵੀ ਪੜ੍ਹੋ :  ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼

ਕੀ ਕਹਿਣਾ ਹੈ ਕਿ ਡੀ. ਐੱਸ. ਪੀ. ਦਾ
ਜਦੋਂ ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਅਜੇ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਕਤਲ ’ਚ ਸ਼ਾਮਲ ਇਕ ਨੌਜਵਾਨ ਪੀ. ਜੀ. ਆਈ. ਵਿਖੇ ਦਾਖ਼ਲ ਹੈ ਅਤੇ ਪੁਲਸ ਦੀ ਨਿਗਰਾਨੀ ਹੇਠ ਹੈ। ਉਨ੍ਹਾਂ ਦੱਸਿਆ ਕਿ ਅਸੀਂ ਹੁਣ ਤੱਕ ਜੋ ਵੀ ਜਾਂਚ ਕੀਤੀ ਹੈ ਉਸ ਤੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਜਾਣੂੰ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੇ ਸਾਡੀ ਜਾਂਚ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਕਤਲ ’ਚ ਸ਼ਾਮਲ ਬਾਕੀ ਨੌਜਵਾਨਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਖ਼ ਨੂੰ ਲਈ ਜਾਵੇਗੀ ਅੰਗਰੇਜ਼ੀ ਦੀ ਪ੍ਰੀਖਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News