ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਤੋਂ

Monday, Nov 23, 2020 - 05:18 PM (IST)

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਤੋਂ

ਮੋਹਾਲੀ (ਨਿਆਮੀਆਂ) : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਮਹਿਕਮੇ ਵੱਲੋਂ 26 ਤੋਂ 28 ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ। ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ, ਪ੍ਰਾਈਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਜਾਣ ਵਾਲੀ ਉਕਤ ਮਿਲਣੀ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਦੇ ਮੁਲਾਂਕਣ ਲਈ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਕੀਤਾ ਗਿਆ ਸੀ, ਜਿਸ 'ਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਨਤੀਜਿਆਂ ਦਾ ਮੁਲਾਂਕਣ ਕਰ ਕੇ ਬੱਚਿਆਂ ਦੇ ਮਾਪਿਆਂ ਨਾਲ ਇਨ੍ਹਾਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਸਾਂਝਾ ਕੀਤਾ ਜਾਵੇ। ਇਸ ਦੇ ਨਾਲ ਹੀ ਮਿਸ਼ਨ ਸ਼ਤ-ਪ੍ਰਤੀਸ਼ਤ-2021, ਸਕੂਲਾਂ 'ਚ ਬਣੇ ਇੰਗਲਿਸ਼ ਬੂਸਟਰ ਕਲੱਬਾਂ 'ਚ ਬੱਚਿਆਂ ਦੀ ਮੈਂਬਰਸ਼ਿਪ, ਇਮਤਿਹਾਨਾਂ ਦੀ ਤਿਆਰੀ ਲਈ ਅਗਵਾਈ, ਆਨਲਾਈਨ ਸਿੱਖਿਆ ਜਿਵੇਂ ਕਿ ਟੈਲੀਵਿਜ਼ਨ, ਪੰਜਾਬ ਐਜੂਕੇਅਰ ਐਪ, ਰੇਡੀਓ ਕਲਾਸਰੂਮ ਅਤੇ ਹੋਰ ਸੋਸ਼ਲ ਮੀਡੀਆ ਪੋਰਟਲਾਂ ਰਾਹੀਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਣੀ ਹੈ।

ਨਾਲ ਹੀ ਕੋਵਿਡ-19 ਦੇ ਸੰਕ੍ਰਮਣ ਦੇ ਬਚਾਅ ਸਬੰਧੀ ਵੀ ਮਾਪਿਆਂ ਨੂੰ ਇਨ੍ਹਾਂ ਮਿਲਣੀਆਂ ਦੌਰਾਨ ਅਧਿਆਪਕ ਜਾਗਰੂਕ ਕਰਨਗੇ। ਕ੍ਰਿਸ਼ਨ ਕੁਮਾਰ ਨੇ ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁੱਖੀ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜ਼ਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

ਇਸ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਜਨਤਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਵਾ ਕੇ, ਮੁਨਿਆਦੀ ਕਰਵਾ ਕੇ, ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐੱਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ, ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰ ਕੇ ਅਧਿਆਪਕ, ਸਕੂਲ ਮੁੱਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।


author

Babita

Content Editor

Related News