ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ
Thursday, Oct 29, 2026 - 05:15 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ): ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਝੋਨੇ ਦੀ ਖਰੀਦ, ਨਸ਼ਿਆਂ, ਕਾਨੂੰਨ ਵਿਵਸਥਾ, ਡੈਮ ਸੇਫਟੀ ਐਕਟ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਝੋਨੇ ਦੀ ਸਹੀ ਕੀਮਤ ਨਹੀਂ ਮਿਲ ਰਹੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦ ਨੂੰ ਲੈ ਕੇ ਵੀ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਲੋੜ ਪਵੇਗੀ, ਪਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੀ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਗੰਭੀਰ ਮੁੱਦਿਆਂ ਨਾਲ ਜੂਝ ਰਹੇ ਹਨ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਪੁਲਸ ਦੀ ਕਾਰਗੁਜ਼ਾਰੀ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਤਰੀਕਿਆਂ 'ਤੇ ਵੀ ਸਵਾਲ ਉਠਾਏ।
ਪੰਜਾਬ ਵਿਚ ਇਨਸਾਫ਼ ਰੈਲੀ ਕਰਨ ਦਾ ਐਲਾਨ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਲੈ ਕੇ ਪਾਰਟੀ ਵੱਲੋਂ ਇਨਸਾਫ਼ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਮੁੱਦਿਆਂ ਨੂੰ ਉਭਾਰਨ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ ਅਤੇ ਸੂਬੇ ਦੇ ਹਾਲਾਤ ਨੂੰ ਸੁਧਾਰਨ ਲਈ ਸਮੂਹਿਕ ਯਤਨ ਕਰਨੇ ਪੈਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਪੰਜਾਬ ਦੀ ਪਛਾਣ ਅਤੇ ਸਮਾਜਿਕ ਮਾਹੌਲ ਨੂੰ ਨੁਕਸਾਨ ਪਹੁੰਚਿਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਲਾਨਾਂ ਦੀ ਬਜਾਏ ਮਾਹਿਰਾਂ ਦੀ ਰਾਇ ਅਤੇ ਠੋਸ ਨੀਤੀ ਦੀ ਲੋੜ ਹੈ। ਉਨ੍ਹਾਂ ਰਵਾਇਤੀ ਅਤੇ ਸਿੰਥੈਟਿਕ ਨਸ਼ਿਆਂ ਦੇ ਮੁੱਦੇ 'ਤੇ ਵਿਚਾਰ ਕਰਦਿਆਂ ਕਿਹਾ ਕਿ ਕਿਸੇ ਵੀ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਉਸ ਦੇ ਸੰਭਾਵੀ ਪ੍ਰਭਾਵਾਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ, ਤਾਂ ਜੋ ਇਕ ਸਮੱਸਿਆ ਦੇ ਹੱਲ ਦੇ ਨਾਲ ਕੋਈ ਨਵੀਂ ਸਮੱਸਿਆ ਪੈਦਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਮਾਜਿਕ ਜਾਗਰੂਕਤਾ ਲਈ ਮਾਹਿਰਾਂ ਦੀ ਮਦਦ ਲੈਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਨਾਲ ਜੁੜੇ ਅੰਕੜਿਆਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ।
ਡੈਮ ਸੇਫਟੀ ਐਕਟ ਅਤੇ ਪਾਣੀਆਂ ਦਾ ਮੁੱਦਾ ਵੀ ਚੁੱਕਿਆ
ਪਰਗਟ ਸਿੰਘ ਨੇ ਡੈਮ ਸੇਫਟੀ ਐਕਟ ਅਤੇ ਪੰਜਾਬ ਦੇ ਪਾਣੀਆਂ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕੀਤਾ ਕਿ ਕੁਝ ਕਾਨੂੰਨੀ ਮਾਮਲੇ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹਨ ਅਤੇ ਸਰਕਾਰ ਨੂੰ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬੇ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਠੋਸ ਕਾਰਵਾਈ ਕੀਤੀ ਜਾਵੇ।
ਪੰਜਾਬ ਦੀ ਪਛਾਣ ਅਤੇ ਲੋਕਤੰਤਰ ਬਾਰੇ ਚਿੰਤਾ ਜਤਾਈ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਪਛਾਣ, ਪੰਜਾਬੀਅਤ ਅਤੇ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਪੁਲਸ ਦੀ ਭੂਮਿਕਾ ਅਤੇ ਸਰਕਾਰੀ ਪ੍ਰਬੰਧਾਂ ਨੂੰ ਲੈ ਕੇ ਅਜਿਹੇ ਸਵਾਲ ਪੈਦਾ ਹੋ ਰਹੇ ਹਨ, ਜਿਨ੍ਹਾਂ ਦਾ ਜਵਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਭਾਜਪਾ ਦੀ ਭੂਮਿਕਾ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਅਤੇ ਸਰਹੱਦੀ ਸੁਰੱਖਿਆ ਵਰਗੇ ਮੁੱਦਿਆਂ 'ਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਪੱਸ਼ਟ ਕਰਨੀ ਚਾਹੀਦੀ ਹੈ। ਸੂਬੇ ਦੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਕਾਨੂੰਨ ਅਤੇ ਸੰਵਿਧਾਨਕ ਪ੍ਰਬੰਧਾਂ ਅਨੁਸਾਰ ਕੰਮ ਕਰਨ।
ਮਾਹਿਰਾਂ ਦੀ ਸਲਾਹ ਨਾਲ ਬਣਾਈ ਜਾਵੇ ਨੀਤੀ
ਪਰਗਟ ਸਿੰਘ ਨੇ ਕਿਹਾ ਕਿ ਖੇਤੀਬਾੜੀ, ਨਸ਼ਿਆਂ ਦੀ ਰੋਕਥਾਮ ਅਤੇ ਪੰਜਾਬ ਦੇ ਹੋਰ ਅਹਿਮ ਮੁੱਦਿਆਂ ਲਈ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿਣ ਵਾਲੇ ਵਾਅਦਿਆਂ ਦੀ ਬਜਾਏ ਅਮਲੀ ਤੌਰ 'ਤੇ ਲਾਗੂ ਹੋ ਸਕਣ ਵਾਲੀਆਂ ਯੋਜਨਾਵਾਂ ਸਾਹਮਣੇ ਲਿਆਂਦੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਬਿਹਤਰ ਦਿਸ਼ਾ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ।
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਕੀ ਕਿਹਾ?
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਨੂੰ ਮਹੱਤਵ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੰਘਰਸ਼ ਕਰਨ ਵਾਲੇ ਲੋਕ ਹਨ ਅਤੇ ਰਾਹੁਲ ਗਾਂਧੀ ਵੀ ਲੋਕਾਂ ਦੇ ਮੁੱਦਿਆਂ ਲਈ ਲੜਨ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਕੋਸ਼ਿਸ਼ ਰਹੇਗੀ ਕਿ ਸੂਬੇ ਦੇ ਅਹਿਮ ਮੁੱਦਿਆਂ ਨੂੰ ਪਾਰਟੀ ਦੀ ਕੌਮੀ ਲੀਡਰਸ਼ਿਪ ਸਾਹਮਣੇ ਰੱਖਿਆ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਸੁਧਾਰਨ ਲਈ ਸਾਰੀਆਂ ਧਿਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਸਮੇਂ ਦੀ ਲੋੜ ਹੈ।
