''ਆਪ'' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ ''ਚੋਂ ਵੀ ਗਾਇਬ ਕੀਤਾ ਨਾਂ: ਪਰਗਟ ਸਿੰਘ
Monday, Mar 23, 2026 - 11:51 AM (IST)
ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਦਿੱਤਾ ਜਾਣ ਵਾਲਾ ਐਵਾਰਡ ਬੰਦ ਕਰ ਦਿੱਤਾ ਹੈ ਤੇ ਨਾਲ ਹੀ ਨਵੀਂ ਯੂਥ ਨੀਤੀ ਵਿਚੋਂ ਵੀ ਸ਼ਹੀਦ ਭਗਤ ਸਿੰਘ ਦਾ ਨਾਂ ਵੀ ਗਾਇਬ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਮਤਾ ਪੇਸ਼ ਕਰਨ ਤਕ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।
ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਆਸੀ ਹਿਤਾਂ ਲਈ ਸ਼ਹੀਦ ਭਗਤ ਸਿੰਘ ਜੀ ਦਾ ਨਾਂ ਵਰਤਦੀ ਹੈ, ਪਰ ਉਸ ਵੱਲੋਂ ਹਰ ਸਾਲ ਦਿੱਤਾ ਜਾਣ ਵਾਲਾ 'ਸ਼ਹੀਦ ਭਗਤ ਸਿੰਘ ਯੂਥ ਐਵਾਰਡ' ਹੀ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨਵੀਂ ਯੂਥ ਨੀਤੀ ਵਿਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹੀ ਗਾਇਬ ਕਰ ਦਿੱਤਾ ਗਿਆ, ਜੋ ਹੋਰ ਵੀ ਜ਼ਿਆਦਾ ਚਿੰਤਾਜਨਕ ਹੈ।

ਸਾਬਕਾ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਕੀ ਇਹ ਸ਼ਹੀਦ ਭਗਤ ਸਿੰਘ ਦੇ ਸਤਿਕਾਰ ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਤਰੀਕਾ ਹੈ? ਉਨ੍ਹਾਂ ਅੱਗੇ ਕਿਹਾ ਕਿ ਲੰਘੇ ਵਿਧਾਨ ਸਭਾ ਸੈਸ਼ਨ ਵਿਚ ਕਾਂਗਰਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਮਤਾ ਲਿਆਂਦਾ ਗਿਆ ਸੀ, ਪਰ ਉਨ੍ਹਾਂ ਨੂੰ ਇਹ ਮਤਾ ਪੇਸ਼ ਕਰਨ ਤਕ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।
