ਰੂਹਾਨੀਅਤ ਦੇ ਰੰਗ ''ਚ ਰੰਗਿਆ ''ਨਨਕਾਣਾ ਸਾਹਿਬ''

Thursday, Nov 07, 2019 - 09:32 PM (IST)

ਰੂਹਾਨੀਅਤ ਦੇ ਰੰਗ ''ਚ ਰੰਗਿਆ ''ਨਨਕਾਣਾ ਸਾਹਿਬ''

ਅੰਮ੍ਰਿਤਸਰ,(ਛੀਨਾ): ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ 'ਚ ਰੰਗਿਆ ਗਿਆ ਹੈ। ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ। ਸ੍ਰੀ ਨਨਕਾਣਾ ਸਾਹਿਬ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਆਪੋ-ਆਪਣੇ ਘਰ ਸੁੰਦਰ ਲਾਈਟਾਂ ਲਵਾ ਕੇ ਰੁਸ਼ਨਾਏ ਹੋਏ ਹਨ ਤੇ ਆਈ ਸੰਗਤ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰ ਰਹੇ ਹਨ। ਸ੍ਰੀ ਨਨਕਾਣਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਵੀ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲੀਆਂ ਮੰਨ ਰਹੀਆਂ ਹਨ ਤੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਕੇ ਬਾਗੋਬਾਗ ਹੋ ਰਹੀਆਂ ਹਨ।

ਇਸ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਤੇ ਭਾਈ ਮੇਜਰ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਬਾਬਾ ਜੀ ਵੱਲੋਂ ਦਿੱਤੇ ਗਏ ਉਪਦੇਸ਼ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਨੂੰ ਆਪਣੇ ਜੀਵਨ 'ਚ ਧਾਰਨ ਲਈ ਪ੍ਰੇਰਿਆ ਅਤੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਦੀ ਅਪੀਲ ਵੀ ਕੀਤੀ।


Related News