ਪਹਿਲੀ ਪਾਤਸ਼ਾਹੀ ਜੀ ਦੇ ਪ੍ਰਕਾਸ਼ ਪੁਰਬ ''ਤੇ ਸਜਿਆ ''ਨਗਰ ਕੀਰਤਨ'', ਸੰਗਤਾਂ ਵੱਲੋਂ ਕਿਸਾਨਾਂ ਦੀ ਜਿੱਤ ਲਈ ਅਰਦਾਸ
Sunday, Nov 29, 2020 - 01:02 PM (IST)
ਬੀਜਾ (ਬਿਪਨ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਬੀਜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਕੱਢਿਆ ਗਿਆ। ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਬੀਜਾ ਬਾਜ਼ਾਰ 'ਚੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ 'ਚ ਸਮਾਪਤ ਹੋਇਆ।
ਸੰਗਤਾਂ ਲਈ ਪਿੰਡ ਵਾਸੀਆਂ ਵੱਲੋਂ ਥਾਂ-ਥਾਂ 'ਤੇ ਲੰਗਰ ਲਗਾਏ ਗਏ। ਇਸ ਦੌਰਾਨ ਢਾਡੀਆਂ ਨੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ ਅਤੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਤੋਂ ਬਚ ਕੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਜੁੜਨ। ਇਸ ਮੌਕੇ ਪਿੰਡ ਵਾਸੀਆਂ ਨੇ ਅਰਦਾਸ ਕੀਤੀ ਕਿ ਜੋ ਸਾਡੇ ਕਿਸਾਨ ਭਾਈ ਮੋਦੀ ਵੱਲੋਂ ਪਾਸ ਕੀਤੇ ਗਏ ਕਾਲੇ ਕਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਲਗਾਈ ਬੈਠੇ ਹਨ, ਉਹ ਸਫ਼ਲਤਾ ਹਾਸਲ ਕਰ ਕੇ ਹੀ ਵਾਪਸ ਮੁੜਨ।
ਇਸ ਮੌਕੇ ਨਗਰ ਕੀਰਤਨ 'ਚ ਬੀਜਾ ਦੇ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ, ਗੁਰਪਾਲ ਸਿੰਘ ,ਅਮਰਜੀਤ ਸਿੰਘ ਪ੍ਰਧਾਨ, ਜੋਰਾ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਭਾਗ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ।