ਐੱਸ. ਆਈ. ਟੀ. ''ਤੇ ਬਾਦਲ ਦੇ ਬਿਆਨ ''ਤੇ ਕੈਪਟਨ ਦਾ ਜਵਾਬ
Saturday, Nov 17, 2018 - 06:29 PM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਮਾਮਲਿਆਂ ਵਿਚ ਉਨ੍ਹਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸ ਕੇ ਉਹ ਲੋਕਾਂ ਦਾ ਧਿਆਨ ਭਟਕਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਐੱਸ. ਆਈ. ਟੀ. ਵਲੋਂ ਉਨ੍ਹਾਂ ਦੇ ਪ੍ਰਭਾਵ ਹੇਠ ਕੰਮ ਕਰਨ ਸਬੰਧੀ ਬਾਦਲ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਕੀਤੇ ਫੈਸਲੇ ਦੀ ਪਾਲਣਾ ਕਰਦਿਆਂ ਹੀ ਜਾਂਚ ਟੀਮ ਦਾ ਗਠਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਐੱਸ. ਆਈ. ਟੀ. ਇਕ ਆਜ਼ਾਦ ਏਜੰਸੀ ਹੈ ਅਤੇ ਸਰਕਾਰ ਦੀ ਇਸ ਦੇ ਕੰਮਕਾਜ ਵਿਚ ਕੋਈ ਭੂਮਿਕਾ ਨਹੀਂ। ਉਨ੍ਹਾਂ ਕਿਹਾ ਕਿ ਇਹ ਹੁਣ ਜਾਂਚ ਅਧਿਕਾਰੀਆਂ 'ਤੇ ਨਿਰਭਰ ਹੈ ਕਿ ਉਹ ਜਿਵੇਂ ਚਾਹੁਣ, ਆਪਣੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਅਧਿਕਾਰੀਆਂ ਵੱਲੋਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਇਸ ਬਾਰੇ ਇਕ ਰਿਪੋਰਟ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਅਦਾਲਤ ਨੂੰ ਸੌਂਪਣਗੇ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਦਾ ਸਿੱਟ ਵਿਚ ਕੋਈ ਰੋਲ ਨਹੀਂ ਹੈ।