ਅਕਾਲੀ ਦਲ ਨੇ ਕਿਸਾਨ ਕਰਜ਼ਾ ਮੁਆਫੀ ''ਤੇ ਕਾਂਗਰਸ ਦਾ ਨੋਟੀਫਿਕੇਸ਼ਨ ਕੀਤਾ ਰੱਦ

10/21/2017 7:10:26 PM

ਤਲਵੰਡੀ ਸਾਬੋ (ਮੁਨੀਸ਼) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨ ਕਰਜ਼ਾ ਮੁਆਫੀ 'ਤੇ ਕਾਂਗਰਸ ਦੇ ਨੋਟੀਫਿਕੇਸ਼ਨ ਨੂੰ ਧੋਖਾਧੜੀ ਵਾਲਾ ਦੱਸਦਿਆਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਰਕਾਰ ਵੱਲੋਂ ਨਵੇਂ ਟੈਕਸਾਂ ਰਾਹੀਂ ਆਮ ਆਦਮੀ 'ਤੇ ਪਾਏ ਗਏ ਬੋਝ 'ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ।
ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਨੇ ਹਿੱਸਾ ਲਿਆ, 'ਚ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਮੁਕੰਮਲ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਤੋਂ ਕੀਤਾ ਗਿਆ ਇਨਕਾਰ ਪੰਜਾਬ ਵਿਚ ਕਿਸਾਨੀ ਦੇ ਸੰਕਟ ਨੂੰ ਹੋਰ ਡੂੰਘਾ ਕਰ ਦੇਵੇਗਾ। ਪਾਰਟੀ ਵੱਲੋਂ ਕਿਸਾਨ ਖੁਦਕੁਸ਼ੀਆਂ ਵਿਚ ਹੋਏ ਤੇਜ਼ ਵਾਧੇ ਅਤੇ ਸਰਕਾਰ ਦੀ ਕਿਸਾਨਾਂ ਨੂੰ ਕੋਈ ਵੀ ਰਾਹਤ ਪ੍ਰਦਾਨ ਕਰਨ ਵਿਚ ਮੁਕੰਮਲ ਨਾਕਾਮੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ।
ਇਸ ਮੀਟਿੰਗ ਵਿਚ ਬਿਜਲੀ ਬਿੱਲਾਂ ਦੀ 2 ਫੀਸਦ ਰਾਸ਼ੀ ਦੇ ਤੌਰ 'ਤੇ ਨਵਾਂ ਮਿਊਂਸੀਪਲ ਟੈਕਸ ਸ਼ੁਰੂ ਕਰਕੇ ਅਤੇ ਨਗਰ-ਨਿਗਮਾਂ ਦੁਆਰਾ ਬਾਹਰੀ ਵਿਕਾਸ ਟੈਕਸ ਅਤੇ ਹੋਰ ਸਹੂਲਤਾਂ 'ਤੇ ਟੈਕਸ ਰਾਹੀਂ ਆਮ ਆਦਮੀ ਉੱਤੇ ਬੇਲੋੜਾ ਬੋਝ ਪਾਉਣ ਲਈ ਸਰਕਾਰ ਦੀ ਨਿਖੇਧੀ ਕੀਤੀ ਗਈ। ਕੋਰ ਕਮੇਟੀ ਨੇ ਕਿਹਾ ਕਿ ਇਹ ਸਾਰੇ ਟੈਕਸ ਜੀ. ਐੱਸ. ਟੀ. ਦੀ ਆਤਮਾ ਦੇ ਵਿਰੁੱਧ ਹਨ ਅਤੇ ਇਨ੍ਹਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
ਕੋਰ ਕਮੇਟੀ ਨੇ ਸੂਬਾ ਸਰਕਾਰ ਦੇ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਸਰਕਾਰ ਸਿੱਖਿਆ ਸੈਕਟਰ ਪ੍ਰਤੀ ਅਜਿਹਾ ਲਾਲਚੀ ਵਤੀਰਾ ਨਹੀਂ ਅਪਣਾ ਸਕਦੀ। ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੋਰ ਕਮੇਟੀ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਰੋਪੜ , ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲੇ ਪ੍ਰਭਾਵਿਤ ਹੋਣਗੇ।