ਕੇਂਦਰ ਦਾ ਸਿੱਖ ਕੈਦੀਆਂ ਅਤੇ ਰਾਜੋਆਣਾ ਬਾਰੇ ਫੈਸਲਾ ਮਨੁੱਖਤਾਵਾਦੀ : ਬਾਦਲ

10/01/2019 12:58:31 PM

ਚੰਡੀਗੜ੍ਹ (ਅਸ਼ਵਨੀ) : ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਦੇ ਸਜ਼ਾਵਾਂ ਪੂਰੀਆਂ ਕਰ ਚੁੱਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਫੈਸਲਿਆਂ ਨੂੰ 'ਦੂਰ ਅੰਦੇਸ਼ੀ ਅਤੇ ਮਨੁੱਖਤਾਵਾਦੀ' ਕਰਾਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਕਾਂਗਰਸੀ ਸਰਕਾਰਾਂ ਦੌਰਾਨ ਢਾਹੇ ਗਏ ਅੱਤਿਆਚਾਰਾਂ ਕਰ ਕੇ ਸਿੱਖਾਂ ਦੀਆਂ ਵਲੂੰਧਰੀਆਂ ਭਾਵਨਾਵਾਂ 'ਤੇ ਮੱਲ੍ਹਮ ਲਾਉਣ 'ਚ ਇਹ ਉਪਰਾਲਾ ਵੱਡੀ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹਰ ਉਹ ਕਦਮ, ਜਿਹੜਾ ਪੰਜਾਬ ਅਤੇ ਦੇਸ਼ ਅੰਦਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਮੁਦਈ ਤਾਕਤਾਂ ਨੂੰ ਤਾਕਤਵਰ ਬਣਾਉਂਦਾ ਹੈ ਅਤੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਦਾ ਹੈ, ਉਸ ਦਾ ਨਿੱਜੀ ਵਲਗਣਾਂ ਤੋਂ ਉਪਰ ਉਠ ਕੇ ਸਾਰਿਆਂ ਵਲੋਂ ਸਵਾਗਤ ਕੀਤਾ ਜਾਣਾ ਚਾਹੀਦਾ ਹੈ।

550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਇਸ ਮਜ਼ਬੂਤ ਹਾਂ-ਪੱਖੀ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਵੀ ਰੱਬੀ ਮਿਹਰ ਹੈ ਕਿ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕੇਂਦਰ 'ਚ ਇਕ ਅਜਿਹੀ ਸਰਕਾਰ ਹੈ, ਜਿਹੜੀ ਸਿੱਖਾਂ ਅਤੇ ਪੰਜਾਬੀਆਂ ਦੀ ਹਿਤੈਸ਼ੀ ਹੈ। ਹਮੇਸ਼ਾ ਵਾਂਗ ਸਿੱਖਾਂ ਦੀਆਂ ਵਲੂੰਧਰੀਆਂ ਭਾਵਨਾਵਾਂ 'ਤੇ ਮੱਲ੍ਹਮ ਲਾਉਣ ਦਾ ਕੰਮ ਐੱਨ. ਡੀ. ਏ. ਸਰਕਾਰ ਦੇ ਹਿੱਸੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ, ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰ ਕੇ ਅਤੇ ਕਰਤਾਰਪੁਰ ਲਾਂਘੇ ਨੂੰ ਖੋਲ੍ਹ ਕੇ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਨੂੰ ਠਾਰਿਆ ਹੈ। ਤਾਜ਼ਾ ਫੈਸਲੇ ਨਾਲ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਜ਼ਖ਼ਮੀ ਅਤੀਤ ਨੂੰ ਰਾਜ਼ੀ ਕਰਨ ਵੱਲ ਇਕ ਵੱਡਾ ਕਦਮ ਪੁੱਟਿਆ ਹੈ।
 

Anuradha

This news is Content Editor Anuradha