ਕੈਪਟਨ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰ ਕੇ ਆਪ੍ਰੇਟਰਾਂ ਦਾ ਰੋਜ਼ਗਾਰ ਖੋਹਿਆ : ਬਾਦਲ

06/30/2017 1:22:40 AM

ਧਨੌਲਾ(ਰਵਿੰਦਰ)— ਪੰਜਾਬ ਸਰਕਾਰ ਵੱਲੋਂ ਹਰ ਘਰ ਨੌਕਰੀ ਦੇਣ ਦਾ ਵਾਅਦਾ ਨਿਭਾਉਣ ਦੀ ਬਜਾਏ ਸਮੁੱਚੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਭੰਗ ਕਰ ਕੇ ਟਰੱਕ ਆਪ੍ਰੇਟਰਾਂ ਦਾ ਰੋਜ਼ਗਾਰ ਖੋਹਿਆ ਜਾ ਰਿਹਾ ਹੈ। ਟਰੱਕ ਯੂਨੀਅਨਾਂ ਭੰਗ ਕਰਨ ਤੋਂ ਪਹਿਲਾਂ ਆਪ੍ਰੇਟਰਾਂ ਨੂੰ ਪੈਣ ਵਾਲੇ ਘਾਟੇ ਦਾ ਕੋਈ ਹੱਲ ਕੱਢਿਆ ਜਾਣਾ ਚਾਹੀਦਾ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਰ ਸ਼ਾਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੂਬੇ ਵਿਚ ਸਰਕਾਰ ਬਣਾਈ ਹੈ ਜਦੋਂਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਦਿਆਂ ਹੀ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕਰ ਕੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਇਸ ਮੌਕੇ ਪ੍ਰਦੀਪ ਸਿੰਘ ਕਾਹਲੋਂ, ਐੱਸ.ਪੀ. ਹਰਮੀਕ ਸਿੰਘ ਦਿਓਲ, ਐੱਸ. ਪੀ. ਡੀ. ਸਵਰਨ ਸਿੰਘ ਖੰਨਾ, ਡੀ. ਐੱਸ. ਪੀ. ਰਾਜੇਸ਼ ਕੁਮਾਰ ਛਿੱਬਰ ਹਾਜ਼ਰ ਸਨ।