ਰਾਜਨੀਤੀ ''ਚ ਉਮਰ ਦੀ ਕੋਈ ਪਾਬੰਦੀ ਨਹੀਂ ਹੁੰਦੀ - ਪ੍ਰਕਾਸ਼ ਸਿੰਘ ਬਾਦਲ

11/20/2017 5:52:23 PM


ਪਟਿਆਲਾ - ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਜਨੀਤੀ 'ਚ ਉਮਰ ਦੀ ਕੋਈ ਪਾਬੰਦੀ ਨਹੀਂ ਹੁੰਦੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ 'ਤੇ ਨਸ਼ਾ ਕਰਨ ਵਾਲਿਆਂ ਨਾਲ ਸੰਬੰਧਾਂ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਨੇ ਟਿਪਣੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਸੱਭ ਕੁਝ ਸਾਫ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਦਾ ਵਿਰੋਧ ਕੀਤਾ।
ਇਸ ਮੌਕੇ ਬਾਦਲ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰਖੜਾ ਦੇ ਪਿਤਾ ਬਾਪੂ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਪੰਚਾਂ ਅਤੇ ਅਕਾਲੀ ਆਗੂਆਂ ਨਾਲ ਧੱਕੇਸ਼ਾਹੀ ਕਰਨਾ ਬਹੁਤ ਬੁਰੀ ਗੱਲ ਹੈ। ਕਿਸਾਨ ਆਤਮ-ਹਤਿਆ ਕਰ ਰਿਹਾ ਹੈ। ਖੇਤੀਬਾੜੀ ਦਾ ਖਰਚ ਵੱਧ ਰਿਹਾ ਹੈ ਅਤੇ ਆਮਦਨ ਲਗਾਤਾਰ ਘੱਟ ਹੋ ਰਹੀ ਹੈ। ਕੈਪਟਨ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ, ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਅਤੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਨੇ ਹੀ ਉਲਝਾ ਦਿੱਤਾ ਹੈ ਅਤੇ ਪੰਜਾਬ ਦੇ ਵਿਕਾਸ ਦੀ ਗੱਲ ਬਹੁਤ ਦੂਰ ਰਹਿ ਗਈ ਹੈ।