ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ
Wednesday, Dec 01, 2021 - 10:34 PM (IST)
ਸ੍ਰੀ ਮੁਕਤਸਰ ਸਾਹਿਬ: ਵਿਧਾਨ ਸਭਾ ਚੋਣਾਂ 2022 ਨੂੰ ਮੱਦੇਨਜ਼ਰ ਰੱਖਦਿਆਂ ਜੇਕਰ ਕਿਸੇ ਸਿਆਸੀ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ 'ਚ ਬਾਜ਼ੀ ਮਾਰੀ ਹੈ ਤਾਂ ਉਹ ਹੈ ਸ਼੍ਰੋਮਣੀ ਅਕਾਲੀ ਦਲ। ਬਸਪਾ ਨਾਲ ਗਠਜੋੜ ਮਗਰੋਂ 97-20 ਸੀਟਾਂ ਦੇ ਗਣਿਤ ਵਿੱਚ ਅਕਾਲੀ ਦਲ ਦੇ ਹਿੱਸੇ 97 ਸੀਟਾਂ ਆਈਆਂ ਹਨ ਤੇ 20 ਸੀਟਾਂ 'ਤੇ ਬਸਪਾ ਆਪਣੇ ਉਮੀਦਵਾਰ ਉਤਾਰੇਗੀ।ਸ਼੍ਰੋਮਣੀ ਅਕਾਲੀ ਦਲ ਵੱਲੋਂ 89 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਿਰਫ਼ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਇਨ੍ਹਾਂ ਵਿੱਚੋਂ ਹੁਣ ਜੇਕਰ ਸਭ ਤੋਂ ਚਰਚਿਤ ਵਿਧਾਨ ਸਭਾ ਸੀਟ ਦੀ ਗੱਲ ਕਰੀਏ ਤਾਂ ਉਹ ਸੀਟ ਹੈ ਲੰਬੀ।ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੰਬੀ ਹਲਕੇ ਤੋਂ ਬਾਦਲ ਨੂੰ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ ਅਤੇ ਇਸੇ ਕਰਕੇ ਇਸ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਵੱਲੋਂ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਪ੍ਰੇਸ਼ਾਨ ਕਰ ਦੇਣਗੇ ਏਡਜ਼ ਦੇ ਮਰੀਜ਼ਾਂ ਦੇ ਅੰਕੜੇ
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਇਕ ਦੀ ਚੋਣ ਜਿੱਤ ਚੁੱਕੇ ਹਨ ਅਤੇ ਜ਼ਿਆਦਾਤਰ ਉਹ ਲੰਬੀ ਹਲਕੇ ਤੋਂ ਹੀ ਚੋਣ ਲੜਦੇ ਰਹੇ ਹਨ।ਜੇਕਰ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਚੋਣ ਮੈਦਾਨ ਵਿੱਚ ਉੱਤਰਦੇ ਹਨ ਤਾਂ ਉਹ ਦੇਸ਼ ਦੇ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਹੋਣਗੇ। ਇਸ ਤੋਂ ਪਹਿਲਾਂ ਸੋਲਾਪੁਰ(ਮਹਾਰਾਸ਼ਟਰ) ਤੇ ਗਨਪਰ ਰਾਏ ਦੇਸ਼ਮੁੱਖ 92 ਸਾਲ ਦੀ ਉਮਰ ਵਿੱਚ ਉਮੀਦਵਾਰ ਬਣੇ ਸਨ। 11 ਵਾਰ ਵਿਧਾਇਕ ਰਹੇ ਦੇਸ਼ਮੁੱਖ ਦਾ 95 ਸਾਲ ਦੀ ਉਮਰ ਵਿੱਚ ਅਗਸਤ ਮਹੀਨੇ ਦਿਹਾਂਤ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਐੱਨ.ਆਰ.ਆਈ. ਵੀਰਾਂ ਦੀਆਂ ਇਹ ਸ਼ਿਕਾਇਤਾਂ ਹੋਣਗੀਆਂ ਦੂਰ, ਚੰਨੀ ਸਰਕਾਰ ਜਲਦ ਲਿਆਵੇਗੀ ਨਵੀਂ ਪਾਲਸੀ
ਦੱਸ ਦਈਏ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਸੀ। ਸਰਦਾਰ ਬਾਦਲ ਨੇ ਕਿਹਾ ਸੀ ਕਿ ਇਹ ਕਿਸਾਨਾਂ ਦੇ ਵੱਡੇ ਸੰਘਰਸ਼ ਦੀ ਜਿੱਤ ਹੈ ਅਤੇ ਇਸ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ।ਬੀਤੇ ਦਿਨ ਵੀ ਇਕ ਵੀਡੀਓ ਜਾਰੀ ਕਰਦਿਆਂ ਬਾਦਲ ਨੇ ਕਿਹਾ ਸੀ ਕਿ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਤੌਰ 'ਤੇ ਪ੍ਰਮਾਣਿਤ ਬਣਾਇਆ ਜਾਣਾ ਚਾਹੀਦਾ ਹੈ।ਇਸੇ ਕਰਕੇ ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਕਾਸ਼ ਸਿੰਘ ਬਾਦਲ ਮੁੜ ਸਰਗਰਮ ਹੋ ਰਹੇ ਹਨ ਅਤੇ ਲੰਬੀ ਹਲਕੇ ਤੋਂ ਉਮੀਦਵਾਰ ਵੀ ਹੋ ਸਕਦੇ ਹਨ।
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ