ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ

Thursday, May 23, 2019 - 06:18 PM (IST)

ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ

ਮਲੋਟ (ਜੁਨੇਜਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣਾਂ 'ਚ ਹੋਈ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ। ਆਪਣੇ ਗ੍ਰਹਿ ਵਿਖੇ ਵਰਕਰਾਂ ਦਾ ਧੰਨਵਾਦ ਕਰਨ ਪਿੱਛੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੇਸ਼ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਈ ਹੈ, ਉਸ ਦਾ ਅੰਦਾਜਾ ਉਨ੍ਹਾਂ ਨੂੰ ਪਹਿਲਾਂ ਹੀ ਲੱਗ ਚੁੱਕਾ ਸੀ, ਇਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਦਿਲੋਂ ਵਧਾਈ  ਦਿੰਦੇ ਹਨ। 

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਨੇ ਹਰ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਪਰ ਵੋਟਰਾਂ ਨੇ ਉਨ੍ਹਾਂ ਦੇ ਹੱਕ 'ਚ ਫਤਵਾ ਦਿੱਤਾ, ਜਿਸ ਲਈ ਉਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਪੱਤਰਕਾਰਾਂ ਦਾ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲ ਕੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਗੱਲ ਕਰਨਗੇ। ਉਹ ਕਰਤਾਰਪੁਰ ਲਾਂਘੇ ਤੋਂ ਇਲਾਵਾ ਜੋ ਬਾਕੀ ਦੇ ਮੁੱਦੇ ਉਨ੍ਹਾਂ ਦੇ ਧਿਆਨ 'ਚ ਹਨ, ਉਨ੍ਹਾਂ ਦੇ ਬਾਰੇ ਵੀ ਗੱਲਬਾਤ ਕਰਨਗੇ। ਉਨ੍ਹਾਂ ਕਾਂਗਰਸ ਪਾਰਟੀ 'ਚ ਚਲ ਰਹੇ ਵਿਵਾਦ ਦੇ ਮੁੱਦੇ 'ਤੇ ਕਿਹਾ ਕਿ ਉਹ ਕੋਈ ਗੱਲ ਨਹੀਂ ਕਰਨਾ ਚਾਹੁੰਦੇ, ਕਿਉਂਕਿ ਇਹ ਉਨ੍ਹਾਂ ਦਾ ਆਪਸੀ ਝਗੜਾ ਹੈ।  


author

rajwinder kaur

Content Editor

Related News