ਪਹਿਲੀ ਵਾਰ ਟਕਸਾਲੀਆਂ ''ਤੇ ਖੁੱਲ੍ਹ ਕੇ ''ਵਰ੍ਹੇ'' ਬਾਦਲ
Wednesday, Jan 23, 2019 - 07:19 PM (IST)

ਬਠਿੰਡਾ : ਅਕਾਲੀ ਦਲ ਤੋਂ ਵੱਖ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੱਦਾਰ ਕਰਾਰ ਦਿੱਤਾ ਹੈ। ਬੁੱਧਵਾਰ ਨੂੰ ਬਠਿੰਡਾ ਪਹੁੰਚੇ ਸਰਦਾਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਆਪਣੀ ਮਾਂ ਪਾਰਟੀ ਅਕਾਲੀ ਦਲ ਨਾਲ ਗੱਦਾਰੀ ਕੀਤੀ ਹੈ। ਬਾਦਲ ਨੇ ਕਿਹਾ ਕਿ ਕਿਸੇ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ, ਅੱਜ ਜੇਕਰ ਉਹ ਵੀ ਪਾਰਟੀ ਨੂੰ ਛੱਡ ਦਿੰਦੇ ਹਨ ਤਾਂ ਵੀ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ।
ਅੱਗੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਜਿਹੜਾ ਵੀ ਲੀਡਰ ਆਪਣੀ ਮਾਂ ਪਾਰਟੀ ਨਾਲ ਗੱਦਾਰੀ ਕਰਦਾ ਹੈ, ਉਹ ਕਦੇ ਕਾਮਯਾਬ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਲੀਡਰ ਪਾਰਟੀ ਦੇ ਖਿਲਾਫ ਬੋਲ ਰਹੇ ਹਨ, ਉਨ੍ਹਾਂ ਨੂੰ ਪਾਰਟੀ ਨੇ ਇੱਜ਼ਤ-ਮਾਣ ਬਖਸ਼ਿਆ ਸੀ। ਅੱਗੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਸਿਰਫ ਲੋਕਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ ਅਤੇ ਉਮੀਦ ਹੈ ਕਿ ਲੋਕ ਸਭਾ ਚੋਣਾਂ 'ਚ ਵੀ ਪੰਜਾਬ ਦੇ ਲੋਕ ਅਕਾਲੀ ਦਲ ਦਾ ਹੀ ਸਾਥ ਦੇਣਗੇ।